ਜੋਗਿੰਦਰ ਸਿੰਘ ਮਾਨ
ਮਾਨਸਾ, 11 ਮਾਰਚ
ਮਾਨਸਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਝਾੜੂ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਉਤੇ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਥੇ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਰੀ ਅੰਤਰ ਨਾਲ ਹਾਰ ਗਏ ਹਨ, ਜਦੋਂ ਕਿ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਦੋ ਰਵਾਇਤੀ ਵਿਰੋਧੀ ਮੋਫ਼ਰ ਅਤੇ ਭੂੰਦੜ ਪਰਿਵਾਰ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 62723 ਦੇ ਵੱਡੇ ਫ਼ਰਕ ਨਾਲ ਹਰਾਇਆ। ਸਿੰਗਲਾ ਨੂੰ 99200 ਵੋਟਾਂ ਹਾਸਲ ਹੋਈਆਂ, ਜਦੋਂ ਕਿ ਸਿੱਧੂ ਮੂਸੇਵਾਲਾ ਨੂੰ 36477 ਵੋਟਾਂ ਹੀ ਮਿਲ ਸਕੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਅਰੋੜਾ 26991 ਵੋਟਾਂ ਲੈਣ ਕਾਮਯਾਬ ਹੋਏ।
ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ 41027 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਦੂਜੇ ਸਥਾਨ ਉੱਪਰ ਕਾਂਗਰਸ ਪਾਰਟੀ ਦੇ ਬਿਕਰਮ ਸਿੰਘ ਮੋਫ਼ਰ ਆਏ ਹਨ, ਜਿਨ੍ਹਾਂ ਨੂੰ 34311 ਵੋਟਾਂ ਮਿਲੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਨੂੰ 31577 ਵੋਟਾਂ ਹਾਸਲ ਹੋਈਆਂ ਹਨ।
ਇਸੇ ਤਰ੍ਹਾਂ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਬੁੱਧਰਾਮ ਨੇ ਅਕਾਲੀ ਦਲ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਨੂੰ 51183 ਵੱਡੇ ਫ਼ਰਕ ਨਾਲ ਹਰਾਇਆ।