ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੈਦਾਨਾਂ ਦਾ ਉਦਘਾਟਨ
ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਗਏ। ਇਸੇ ਦੌਰਾਨ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਭਾਵਾ ਵਿੱਚ 35.54 ਲੱਖ ਰੁਪਏ ਦੀ ਲਾਗਤ ਨਾਲ 1.5 ਏਕੜ...
ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਗਏ। ਇਸੇ ਦੌਰਾਨ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਭਾਵਾ ਵਿੱਚ 35.54 ਲੱਖ ਰੁਪਏ ਦੀ ਲਾਗਤ ਨਾਲ 1.5 ਏਕੜ ਵਿੱਚ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ 3100 ਨਵੇਂ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ। ਇਸੇ ਤਰ੍ਹਾਂ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿੱਚ 32.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸੇ ਦੌਰਾਨ ਵਿਧਾਇਕ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਤਰ੍ਹਾਂ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀਬਾਘਾ ਵਿੱਚ 29.10 ਲੱਖ ਰੁਪਏ ਦੀ ਲਾਗਤ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਲਾਕੇ ਦੇ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ।
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਪਿੰਡ ਠੁੱਲੀਵਾਲ ਵਿਚ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਖੇਡ ਮੈਦਾਨ ਵਿਕਾਸ ਯੋਜਨਾ ਹੇਠ ਗ੍ਰਾਮ ਪੰਚਾਇਤ ਨੂੰ ਜਾਰੀ ਕੀਤੀ ਗਰਾਂਟ ਨਾਲ ਪਿੰਡ ਠੁੱਲੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਅਤੇ ਆਧੁਨਿਕ ਖੇਡ ਮੈਦਾਨ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਜਿਸ ’ਤੇ ਕਰੀਬ 35 ਲੱਖ ਦੀ ਲਾਗਤ ਆਈ ਹੈ।
ਦਲਮੀਰਖੇੜਾ ਵਿੱਚ ਸਰਕਾਰੀ ਲਾਇਬ੍ਰੇਰੀ ਦਾ ਉਦਘਾਟਨ
ਅਬੋਹਰ (ਪੰਕਜ ਕੁਮਾਰ): ਪਿੰਡ ਦਲਮੀਰਖੇੜਾ ਵਿੱਚ ਲਗਭਗ ਸਾਢੇ ਸੱਤ ਲੱਖ ਰੁਪਏ ਦੀ ਲਾਗਤ ਨਾਲ ਬਣੀ ਸਰਕਾਰੀ ਲਾਇਬ੍ਰੇਰੀ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਅਬੋਹਰ ਹਲਕ ਦੇ ਇੰਚਾਰਜ ਅਰੁਣ ਨਾਰੰਗ ਵੱਲੋਂ ਕੀਤਾ ਗਿਆ। ਇਸ ਮੌਕੇ ਅਰੁਣ ਨਾਰੰਗ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਅਤੇ ਨੌਜਵਾਨਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਨੀਲ ਕੁਮਾਰ ਅਤੇ ਪੰਚਾਇਤ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਜਸ਼ਨਪ੍ਰੀਤ ਸਿੰਘ, ਰਾਮ ਸਿੰਘ, ਲਵਪ੍ਰੀਤ ਐਂਚਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

