ਪਰਮਜੀਤ ਸਿੰਘ
ਫਾਜ਼ਿਲਕਾ, 25 ਅਗਸਤ
ਐਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫੀਸਾਂ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ’ਚ ਕੀਤੇ ਗਏ ਵਾਧੇ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਵਿਦਿਆਰਥੀਆਂ ਵੱਲੋਂ ਐੱਮਆਰ ਸਰਕਾਰੀ ਕਾਲਜ ਦੇ ਗੇਟ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਮੰਗਾਂ ਹੱਲ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦਿਨ ਰਾਤ ਦਾ ਪੱਕਾ ਧਰਨਾ ਸ਼ੁਰੂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਪ੍ਰੀਤ ਸਿੰਘ ਅਤੇ ਮਮਤਾ ਲਾਧੂਕਾ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਕਾਲਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਉਣ ਤੋਂ ਪਹਿਲਾਂ ਹੀ ਐਸੀ ਸੀ ਵਿਦਿਆਰਥੀਆਂ ਤੋਂ ਪੂਰੀ ਫੀਸ ਮੰਗੀ ਜਾ ਰਹੀ ਹੈ। ਫੀਸ ਨਾ ਦੇਣ ਦੀ ਸੂਰਤ ’ਚ ਕਾਲਜ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਕਾਰਵਾਈ ਕਰਨ ਦੀ ਗੱਲ ਕਹਿ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਕਾਲਜ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਪੰਜਾਬ ਦੇ ਕੋਈ ਵੀ ਸਰਕਾਰੀ ਕਾਲਜ ਐਸ.ਸੀ. ਵਿਦਿਆਰਥੀਆਂ ਤੋਂ ਫੀਸਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਆਸ ਪਾਸ ਦੇ ਜ਼ਿਲ੍ਹੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਦੇ ਕਾਲਜਾਂ ’ਚ ਐਸ.ਸੀ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾ ਰਹੀ ਹੈ। ਇਥੋਂ ਤੱਕ ਕਿ ਕੋਟਕਪੂਰਾ ਦੇ ਸਰਕਾਰੀ ਕਾਲਜ ’ਚ 30 ਰੁਪਏ ਦੇ ਕੇ ਇੱਕ ਵਿਦਿਆਰਥੀ ਦਾ ਦਾਖਲਾ ਕੀਤਾ ਜਾ ਰਿਹਾ ਹੈ, ਜਦਕਿ ਐੱਮ ਆਰ ਸਰਕਾਰੀ ਕਾਲਜ ਦੀ ਫੀਸ ਵੱਧ ਕੇ 9300 ਦੇ ਕਰੀਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਮਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਰਹੇਗਾ।
ਉੱਧਰ, ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਵਿਦਿਆਰਥੀਆਂ ਦਾ ਸਮਰਥਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਟੂਡੈਂਟਸ ਯੂਨੀਅਨ ਦੇ ਆਗੂ ਪ੍ਰਵੀਨ ਕੌਰ, ਮੁਸਕਾਨ, ਗੁਰਪ੍ਰੀਤ, ਹਰਪ੍ਰੀਤ ਆਦਿ ਹਾਜ਼ਰ ਸਨ।
ਪੀਟੀਏ ਵੰਡ ਵਸੂਲਣ ਦਾ ਮਾਮਲਾ ਭਖਿਆ
ਮਾਨਸਾ (ਪੱਤਰ ਪ੍ਰੇਰਕ): ਇਥੋਂ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵੱਲੋਂ ਪੀਟੀਏ ਫੰਡ ਵਸੂਲਣ ਦਾ ਮਾਮਲਾ ਭਖ ਗਿਆ ਹੈ। ਵਿਦਿਆਰਥੀ ਜਥੇਬੰਦੀ ਹੁਣ ਕਾਲਜ ਕੈਂਪਸ ਤੋਂ ਨਿਕਲਕੇ ਸੜਕਾਂ ’ਤੇ ਲੜਾਈ ਲੜਨ ਲਈ ਮੈਦਾਨ ਵਿੱਚ ਆ ਗਈ ਹੈ। ਵਿਦਿਆਰਥੀਆਂ ਨੇ ਅੱਜ ਕਾਲਜ ਤੋਂ ਡੀ.ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ। ਮਾਰਚ ਦੀ ਅਗਵਾਈ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੰਦਗੜ੍ਹ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਿਆ ਜਾ ਰਿਹਾ ਹੈ, ਜਦੋਂ ਕਿ ਐਸਸੀ/ਐਸਟੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਕੀਤਾ ਜਾਂਦਾ ਹੈ। ਧਰਨਾਕਾਰੀਆਂ ਨੂੰ ਤਹਿਸੀਲ ਭਲਾਈ ਅਫ਼ਸਰ ਨੇ ਵਿਸ਼ਵਾਸ ਦਿਵਾਇਆ ਕਿ ਵਿਦਿਆਰਥੀਆਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਾਲਜ ਪਿ੍ੰਸੀਪਲ ਨਾਲ ਗੱਲ ਹੋ ਚੁੱਕੀ ਹੈ। ਵਿਦਿਆਰਥੀਆਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।