ਪੱਤਰ ਪ੍ਰੇਰਕ
ਮਾਨਸਾ, 16 ਅਗਸਤ
ਜਲ ਸਪਲਾਈ ਤੇ ਸੈਨੀਟੇਸ਼ਨ, ਸੀ.ਐੱਚ.ਵੀ,ਪੀ.ਐਸ.ਪੀ.ਸੀ.ਐਲ, ਪਾਵਰਕੌਮ ਟਰਾਸਕੋ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਕਾਲੇ ਝੰਡੇ ਲੈ ਕੇ ਆਜ਼ਾਦੀ ਦਿਹਾੜੇ ਦੇ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਕਾਰਨ ਜਿੱਥੇ ਸਿੱਖਿਆ, ਪਾਣੀ ਮੁਹੱਈਆ ਕਰਵਾਉਣ ਵਾਲੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਉਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਵਰਕਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਲਈ ਸਰਕਾਰਾਂ ਨਾਕਾਮ ਸਾਬਿਤ ਹੋ ਰਹੀਆਂ ਹਨ।