‘ਇੰਡੀਆ’ ਬਲਾਕ ਨੇ Election Commission of India ਦੇ ਪੁਤਲੇ ਫੂਕੇ
ਦਿੱਲੀ ਵਿੱਚ ਵੋਟ ਚੋਰੀ ਦੇ ਮੁੱਦੇ ’ਤੇ ‘ਇੰਡੀਆ’ ਬਲਾਕ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਦਿੱਤੇ ਸ਼ਾਂਤਮਈ ਧਰਨੇ ਤੋਂ ਬਾਅਦ ਕਾਂਗਰਸ ਅਤੇ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਕਥਿਤ ਬਦਸਲੂਕੀ ਕੀਤੇ ਜਾਣ...
ਦਿੱਲੀ ਵਿੱਚ ਵੋਟ ਚੋਰੀ ਦੇ ਮੁੱਦੇ ’ਤੇ ‘ਇੰਡੀਆ’ ਬਲਾਕ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਦਿੱਤੇ ਸ਼ਾਂਤਮਈ ਧਰਨੇ ਤੋਂ ਬਾਅਦ ਕਾਂਗਰਸ ਅਤੇ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਕਥਿਤ ਬਦਸਲੂਕੀ ਕੀਤੇ ਜਾਣ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਭੀਖੀ ਵਿੱਚ ਕਾਲਾ ਦਿਵਸ ਮਨਾਇਆ।
ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੋਸ਼ ਲਾਇਆ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਅਤੇ ਵੱਡੀ ਗਿਣਤੀ ਵਿੱਚ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਵਿਰੁੱਧ ਕਾਰਵਾਈ ਕਰਨਾ ਲੋਕਤੰਤਰੀ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਚੋਣਾਂ ਦੀ ਨਿਰਪੱਖਤਾ ਬਾਰੇ ਸਵਾਲ ਉਠਾਉਣਾ ਵਿਰੋਧੀ ਧਿਰ ਦਾ ਜਮਹੂਰੀ ਹੱਕ ਹੈ ਅਤੇ ਇਸ ਹੱਕ ਦੀ ਵਰਤੋਂ ਕਰਨ ਵਾਲੇ ਆਗੂਆਂ ਨਾਲ ਕਥਿਤ ਬਦਸਲੂਕੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਰੋਸ ਪ੍ਰਦਰਸ਼ਨ ਰਾਹੀਂ ਕਾਂਗਰਸ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਸਪੱਸ਼ਟ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਕਿ ਵੋਟਾਂ ਦੀ ਨਿਰਪੱਖਤਾ ਦਾ ਮੁੱਦਾ ਸਿਰਫ਼ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਵੋਟਰਾਂ ਦੇ ਭਰੋਸੇ ਨਾਲ ਜੁੜਿਆ ਮਾਮਲਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਨਾਜਰ ਮਾਨਸ਼ਾਹੀਆ, ਮਾਈਕਲ ਗਾਗੋਵਾਲ, ਚਮਕੌਰ ਸਿੰਘ, ਗੁਰਪ੍ਰੀਤ ਵਿੱਕੀ, ਸਤਗੁਰ ਸਿੰਘ ਜਲਵੇੜਾ, ਸੰਦੀਪ ਮਹਿਤਾ, ਸੁਖਦਰਸ਼ਨ ਖਾਰਾ, ਹਰਵਿੰਦਰ ਭਾਰਦਵਾਜ, ਬੀਰਇੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਬਰਨਾਲਾ (ਪਰਸ਼ੋਤਮ ਬੱਲੀ): ‘ਇੰਡੀਆ’ ਬਲਾਕ ਵਿੱਚ ਸ਼ਾਮਲ ਪਾਰਟੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਇੱਥੇ ਡੀ ਸੀ ਦਫ਼ਤਰ ਵਿੱਚ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਫੂਕੇ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਸੀ ਪੀ ਆਈ ਜੁਗਰਾਜ ਰਾਮਾ, ਲਿਬਰੇਸ਼ਨ ਦੇ ਸ਼ਿੰਦਰ ਕੌਰ ਹਰੀਗੜ੍ਹ, ਕਾਂਗਰਸ ਦੇ ਮਹੇਸ਼ ਕੁਮਾਰ ਲੋਟਾ ਅਤੇ ਸੀ ਪੀ ਐੱਮ ਦੇ ਕਾਮਰੇਡ ਰਾਜਿੰਦਰ ਸਿੰਘ ਕਾਹਨੇਕੇ ਨੇ ਕੀਤੀ।
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੀ ਪੀ ਐੱਮ ਦੇ ਮੁਕੰਦ ਸਿੰਘ ਬਰਨਾਲਾ, ਸੀ ਪੀ ਆਈ ਦੇ ਖੁਸ਼ੀਆ ਸਿੰਘ ਬਰਨਾਲਾ ਅਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਗੁਰਪ੍ਰੀਤ ਰੂੜੇਕੇ ਆਦਿ ਆਗੂਆਂ ਕਿਹਾ ਕਿ ਕੌਮੀ ਚੋਣ ਕਮਿਸ਼ਨ ਦੀ ਨਿਰਪੱਖਤਾ ਤੇ ਸੁਤੰਤਰਤਾ ਯਕੀਨੀ ਬਣਾਉਣਾ ਦੁਨੀਆਂ ਦੀ ਵੱਡੀ ਜਮਹੂਰੀਅਤ ਦੀ ਰਾਖੀ ਤੇ ਮਜ਼ਬੂਤੀ ਲਈ ਜ਼ਰੂਰੀ ਹੈ। ਬੁਲਾਰਿਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਐੱਸ ਆਈ ਆਰ ਤੁਰੰਤ ਰੋਕਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣ।
ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਯੋਗ ਵੋਟਰਾਂ ਦੇ ਕੱਟੇ ਨਾਂ ਮੁੜ ਦਰਜ ਕੀਤੇ ਜਾਣ ਅਤੇ ਚੋਣ ਕਮਿਸ਼ਨ ਦੀ ਸੁਤੰਤਰ ਤੇ ਜਮਹੂਰੀ ਕਾਰਜਪ੍ਰਣਾਲੀ ਬਹਾਲ ਹੋਵੇ। ਆਗੂਆਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਹੱਕ ਲੋਕਾਂ ਦੀ ਆਵਾਜ਼ ਹੈ ਅਤੇ ਇਸ ਹੱਕ ਦੀ ਰਾਖੀ ਲਈ ਸਾਰੀਆਂ ਜਮਹੂਰੀ ਤਾਕਤਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਰਾਹੀਂ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ।
ਇਸ ਮੌਕੇ ਸਰਵਨ ਸਿੰਘ ਜੰਗੀਆਣਾ, ਬਿਹਾਰੀ ਲਾਲ, ਪਰਮਜੀਤ ਕੌਰ ਗੁੰਮਟੀ, ਹਾਕਮ ਸਿੰਘ ਭੁੱਲਰ ਤੇ ਸੁਖਜੰਟ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
ਤਪਾ ਮੰਡੀ (ਸੀ ਮਾਰਕੰਡਾ): ਸੀ ਪੀ ਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਐੱਸ ਆਈ ਆਰ ਖ਼ਿਲਾਫ਼ ਪਾਰਟੀ ਦੇ ਸੂਬਾ ਸਕੱਤਰ ਲਾਭ ਸਿੰਘ ਅਕਲੀਆ ਦੀ ਅਗਵਾਈ ਹੇਠ ਤਪਾ ਮੰਡੀ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਗਿਆ। ਪੁਰਾਣੇ ਬੱਸ ਅੱਡੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਰਥੀ ਫੂਕ ਕੇ ਕੇਂਦਰ ਸਰਕਾਰ ਅਤੇ ਚੋਣ ਪ੍ਰਕਿਰਿਆ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਸ੍ਰੀ ਅਕਲੀਆ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਅਤੇ ਜਮਹੂਰੀ ਹੱਕਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਵੋਟ ਪਾਉਣ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਪ੍ਰਕਿਰਿਆ ਦਾ ਜਮਹੂਰੀ ਢੰਗ ਨਾਲ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਕੇਂਦਰ ’ਤੇ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਏ
ਬਠਿੰਡਾ (ਸ਼ਗਨ ਕਟਾਰੀਆ): ਕੇਂਦਰ ਸਰਕਾਰ ਵਿਰੁੱਧ ਕਾਂਗਰਸ ਨੇ ਅੱਜ ਬਠਿੰਡਾ ਵਿੱਚ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦੇ ਕ੍ਰਮਵਾਰ ਪ੍ਰਧਾਨ ਰਾਜਨ ਗਰਗ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਵੋਟਾਂ ਕੱਟੇ ਜਾਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀਆਂ ਵਿਰੋਧੀ ਧਿਰਾਂ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਸੂਬਿਆਂ ਵਿੱਚ ਵੋਟਾਂ ਕੱਟ ਕੇ ਕੇਂਦਰ ਸਰਕਾਰ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਕਾਂਗਰਸ ਅਜਿਹੀਆਂ ਕਥਿਤ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਉਸ ਨੂੰ ਕੇਂਦਰ ਸਰਕਾਰ ਦੀ ‘ਬੀ ਟੀਮ’ ਕਰਾਰ ਦਿੱਤਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਸੀਨੀਅਰ ਆਗੂ ਅੰਮ੍ਰਿਤ ਕੌਰ ਗਿੱਲ, ਬਲਰਾਜ ਸਿੰਘ ਪੱਕਾ, ਕਿਰਨਦੀਪ ਕੌਰ ਵਿਰਕ, ਦਰਸ਼ਨ ਸਿੰਘ ਜੀਦਾ, ਸਾਬਕਾ ਮੇਅਰ ਅਸ਼ੋਕ ਕੁਮਾਰ, ਭੁਪਿੰਦਰ ਗੋਰਾ, ਬਲਜਿੰਦਰ ਠੇਕੇਦਾਰ, ਅਰੁਣਜੀਤ ਮੱਲ, ਕਿਰਨਜੀਤ ਗਹਿਰੀ, ਹਰਵਿੰਦਰ ਲੱਡੂ ਆਦਿ ਹਾਜ਼ਰ ਸਨ।

