ਪੱਤਰ ਪ੍ਰੇਰਕ
ਗਿੱਦੜਬਾਹਾ, 16 ਮਈ
ਬਲਾਕ ਗਿੱਦੜਬਾਹਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੇ ਸਬੰਧ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਗਿੱਦੜਬਾਹਾ ਵੱਲੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਦੇ ਉਪਰਾਲੇ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਲਈ ਹਰ ਪਿੰਡ ਪੱਧਰ ’ਤੇ ਨੋਡਲ ਅਫਸਰ ਦੀ ਨਿਯੁਕਤੀ ਕੀਤੀ ਹੈ। ਮੁਹਿੰਮ ਲਈ ਖੇਤੀਬਾੜੀ ਵਿਭਾਗ ਦੇ ਨਾਲ ਨਾਲ ਭੂਮੀ ਰੱਖਿਆ ਵਿਭਾਗ , ਮਾਰਕੀਟ ਕਮੇਟੀ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਇਨ੍ਹਾਂ ਸਾਰੇ ਨੋਡਲ ਅਫ਼ਸਰਾਂ ਨੂੰ ਤਕਨੀਕੀ ਜਾਣਕਾਰੀ ਦੇ ਕੇ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਝੋਨੇ ਦੇ ਰਕਬੇ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਹੇਠ ਲਿਆਉਣ ਬਾਬਤ ਅੱਜ ਬਲਾਕ ਪੱਧਰ ’ਤੇ ਵਿਸ਼ੇਸ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਬਲਾਕ ਦੇ ਮੁੱਖ ਟਰੇਨਰ ਨਰਿੰਦਰਪਾਲ ਸਿੰਘ ਵੱਲੋਂ ਦਿੱਤੀ ਗਈ। ਇਸ ਮੌਕੇ ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫ਼ਸਰ ਵੱਲੋਂ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਦੀ ਡਿਊਟੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜਗਤਾਰ ਸਿੰਘ ਵੱਲੋ ਸਮੂਹ ਨੋਡਲ ਅਫ਼ਸਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਏ ਜਾ ਰਹੇ ਕੈਂਪਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਮਿਥੇ ਟੀਚੇ ਨੂੰ ਹਰ ਹਾਲ ਵਿੱਚ ਪੂਰਾ ਕਰਵਾਉਣ ਲਈ ਪ੍ਰੇਰਿਆ।