ਟਰੈਕਟਰ ਰਜਿਸਟਰੇਸ਼ਨ ਫੀਸ ’ਚ ਵਾਧੇ ਦਾ ਵਿਰੋਧ
ਇੰਡੀਅਨ ਨੈਸ਼ਨਲ ਲੋਕ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਭਾਜਪਾ ਵੱਲੋਂ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਟਰੈਕਟਰ ਰਜਿਸਟਰੇਸ਼ਨ ਫੀਸ ਵਿੱਚ ਵਾਧੇ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਕਿਸਾਨ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਇਨੈਲੋ ਰਾਜ ਪੱਧਰ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ। ਉਹ ਅੱਜ ਡੱਬਵਾਲੀ ਰੋਡ ’ਤੇ ਇਨੈਲੋ ਜ਼ਿਲ੍ਹਾ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ 2014 ਵਿੱਚ ਸੱਤਾ ਵਿੱਚ ਆਈ ਭਾਜਪਾ ਨੇ ਕਿਸਾਨਾਂ ਦੀ ਬਿਹਤਰੀ ਲਈ ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਾਰੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਟਰੈਕਟਰ ਨੂੰ ਕਿਸਾਨ ਦਾ ਗੱਡਾ ਐਲਾਨਿਆ ਸੀ ਪਰ ਹੁਣ ਭਾਜਪਾ ਸਰਕਾਰ ਟਰੈਕਟਰ ਦੇ ਰਜਿਸਟਰੇਸ਼ਨ ਦੀ ਫੀਸ ਨੂੰ ਦਸ ਗੁਣਾ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਰੈਕਟਰਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾਂਦੀ ਹੈ ਤਾਂ ਰਜਿਸਟਰੇਸ਼ਨ ਫੀਸ ਵਧਾਉਣ ਨਾਲ ਕੋਈ ਸਮੱਸਿਆ ਨਹੀਂ ਸੀ ਪਰ ਕਿਸਾਨਾਂ ਦੇ ਖੇਤਾਂ ਵਿੱਚ ਵਰਤੇ ਜਾਣ ਵਾਲੇ ਟਰੈਕਟਰਾਂ ਦੀ ਰਜਿਸਟਰੇਸ਼ਨ ਫੀਸ ਵਧਾਉਣਾ ਕਿਸਾਨਾਂ ਨਾਲ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ। ਇਨੈਲੋ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਮੌਜੂਦਾ ਭਾਜਪਾ ਸਰਕਾਰ ਦੀ ਕਿਸਾਨਾਂ ਨੂੰ ਲੋੜੀਂਦੀ ਡੀ ਏ ਪੀ ਨਾ ਦੇਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਖ਼ਤਮ ਹੋ ਰਹੀ ਹੈ ਪਰ ਕਿਸਾਨਾਂ ਨੂੰ ਡੀ ਏ ਪੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਪਾਹ ਦੀ ਫ਼ਸਲ ਵੀ ਐੱਮ ਐੱਸ ਪੀ ’ਤੇ ਨਹੀਂ ਖਰੀਦੀ ਜਾ ਰਹੀ। ਇਨੈਲੋ ਜ਼ਿਲ੍ਹਾ ਪ੍ਰਧਾਨ ਨੇ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਟਰੈਕਟਰ ਰਜਿਸਟਰੇਸ਼ਨ ਫੀਸ ਤੁਰੰਤ ਵਾਪਸ ਨਹੀਂ ਲਈ ਗਈ, ਤਾਂ ਇਨੈਲੋ ਆਪਣੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਦੀ ਅਗਵਾਈ ਵਿੱਚ ਸੜਕਾਂ ’ਤੇ ਉਤਰੇਗੀ। ਇਸ ਮੌਕੇ ਪਾਰਟੀ ਆਗੂ ਮਹਿੰਦਰ ਬਾਣਾ, ਰਾਣੀਆ ਹਲਕਾ ਪ੍ਰਧਾਨ ਹਰਮੀਤ ਸਿੰਘ ਪੰਡੋਰੀਵਾਲਾ, ਹੁਸ਼ਿਆਰ ਸਿੰਘ ਖੋੜ ਅਤੇ ਮਹਾਂਵੀਰ ਸ਼ਰਮਾ ਵੀ ਮੌਜੂਦ ਸਨ।
