ਪੱਤਰ ਪ੍ਰੇਰਕ
ਭੁੱਚੋ ਮੰਡੀ, 17 ਅਗਸਤ
ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ ਸਥਾਨਕ ਕਮਿਊਨਿਟੀ ਹੈਥਲ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਮੈਡੀਕਲ ਸਟਾਫ਼ ਦੀਆਂ ਸਮੱਸਿਆਵਾਂ ਸੁਣੀਆਂ। ਮਰੀਜ਼ਾਂ ਨੇ ਵਿਧਾਇਕ ਨੂੰ ਸ਼ਿਕਾਇਤ ਕੀਤੀ ਕਿ ਹਸਪਤਾਲ ਵਿੱਚ ਭੀੜ ਹੋਣ ਕਾਰਨ ਵਾਰੀ ਲਈ ਜ਼ਿਆਦਾ ਦੇਰ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਦਵਾਈਆਂ ਦੀ ਵੀ ਵੱਡੀ ਘਾਟ ਹੈ। ਇਸ ਸਬੰਧੀ ਹਸਪਤਾਲ ਦੀ ਇੰਚਾਰਜ ਡਾ. ਮਨਿੰਦਰਜੀਤ ਕੌਰ ਨੇ ਵਿਧਾਇਕ ਨੂੰ ਦੱਸਿਆ ਕਿ ਹਸਪਤਾਲ ਵਿੱਚ ਸਟਾਫ਼ ਦੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਜ਼ਿਆਦਾ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਸੂਚੀ ਤਿਆਰ ਕਰਕੇ ਭੇਜੀ ਹੋਈ ਹੈ, ਪਰ ਹਾਲੇ ਤੱਕ ਸਪਲਾਈ ਨਹੀਂ ਆਈ। ਵਿਧਾਇਕ ਨੇ ਤੁਰੰਤ ਕਾਰਵਾਈ ਕਰਦਿਆਂ ਬਠਿੰਡਾ ਦੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੂੰ ਹਸਪਤਾਲ ਵਿੱਚ ਦਵਾਈਆਂ ਭੇਜਣ ਦੀ ਹਦਾਇਤ ਕੀਤੀ। ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਸਟਾਫ਼ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ।
ਬੁਢਲਾਡਾ (ਪੱਤਰ ਪ੍ਰੇਰਕ): ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਸਪਤਾਲ ਬੁਢਲਾਡਾ ਅਤੇ ਨਵੇਂ ਬਣ ਰਹੇ ਜੱਚਾ-ਬੱਚਾ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਐੱਸ.ਐੱਮ.ਓ ਨੂੰ ਹਦਾਇਤ ਕੀਤੀ ਕਿ ਡਾਕਟਰਾਂ ਦੇ ਬੈਠਣ ਲਈ ਕਮਰਿਆਂ ਨੂੰ ਤਿਆਰ ਕਰਵਾ ਕੇ ਛੇਤੀ ਏਸੀ ਲਗਵਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਯਾਰੀ ਹਨ।