ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਬਜਾਏ ਮੰਗਾਂ ਪੂਰੀਆਂ ਕਰੇ ਸਰਕਾਰ: ਸ਼ੈਲਜਾ
ਪ੍ਰਭੂ ਦਿਆਲ
ਸਿਰਸਾ, 14 ਦਸੰਬਰ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸਿਰਸਾ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਬਜਾਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਆਂ ਦੀ ਵਰਖਾ ਕਰ ਰਹੀ ਹੈ। ਕਿਸਾਨਾਂ ਨਾਲ ਅਜਿਹਾ ਵਿਵਹਾਰ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੇ ਮੁਲਤਵੀ ਕੀਤੇ ਜਾਣ ਸਮੇਂ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਆਦਾ ਕੀਤਾ ਸੀ ਪਰ ਸਰਕਾਰ ਹਾਲੇ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਿਸ ਕਾਰਨ ਕਿਸਾਨ ਮੁੜ ਤੋਂ ਅੰਦੋਲਨ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਖਨੌਰੀ ਬਾਰਡਰ ’ਤੇ ਪੱਕਾ ਮੋਰਚਾ ਲਾ ਕੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਸਰਕਾਰ ਵੱਲੋਂ ਅਣਗੌਲਿਆਂ ਕੀਤੇ ਜਾਣ ਕਾਰਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਕਰਨ ਲਈ ਮਜਬੂਰ ਹੋਣਾ ਪਿਆ ਹੈ। ਹੁਣ ਕਿਸਾਨ ਸ਼ਾਂਤਮਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਨਾ ਸਿਰਫ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ ਬਲਕਿ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ, ਜਿਸ ਨਾਲ ਕਈ ਕਿਸਾਨ ਜਖਮੀ ਹੋ ਗਏ ਹਨ। ਕੁਮਾਰੀ ਸ਼ੈਲਜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਨੂੰ ਅੰਦੋਲਨ ਕਰਨ ਦੀ ਲੋੜ ਨਾ ਪਵੇ।