ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 28 ਮਈ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਨਤਕ ਪਖਾਨਿਆਂ ਦੀ ਅਚਨਚੇਤ ਚੈਕਿੰਗ ਕੀਤੀ ਤੇ ਇਨ੍ਹਾਂ ਦੀ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਪ੍ਰਧਾਨ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਸਪੀਕਰ ਸੰਧਵਾਂ ਨੇ ਇਸ ਮੌਕੇ ਸਫ਼ਾਈ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਝ ਸਫ਼ਾਈ ਕਰਮਚਾਰੀਆਂ ਨੂੰ ਨਗਦ ਰਕਮ ਦੇ ਕੇ ਸਨਮਾਨਦਿਆਂ ਉਨ੍ਹਾਂ ਦੀ ਹੌਸਲਾਅਫ਼ਜਾਈ ਵੀ ਕੀਤੀ। ਸ੍ਰੀ ਸੰਧਵਾਂ ਨੇ ਆਖਿਆ ਕਿ ਦੋਨੋਂ ਬੱਸ ਅੱਡਿਆਂ ਸਣੇ ਮਿਉਂਸਿਪਲ ਪਾਰਕ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਸਥਿਤ ਪਿਸ਼ਾਬ ਘਰਾਂ ਅਤੇ ਪਖਾਨਿਆਂ ਦੇ ਸਫ਼ਾਈ ਪ੍ਰਬੰਧ ਯਕੀਨੀ ਤੇ ਲਾਜ਼ਮੀ ਬਣਾਉਣ ਲਈ ਨਗਰ ਕੌਂਸਲ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਨਿਸ਼ਚਿਤ ਕਰਦਿਆਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਖਿਲਾਰਨ ਤੋਂ ਗੁਰੇਜ਼ ਕਰਨ ਅਤੇ ਸਫ਼ਾਈ ਪ੍ਰਬੰਧਾਂ ਲਈ ਬਣਦਾ ਯੋਗਦਾਨ ਪਾਉਣ।