ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਹਦਾਇਤ
ਪਰਾਲੀ ਸਾੜਨ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਕਿਸਾਨਾਂ ਨੂੰ ਮਸ਼ੀਨਰੀ ਉਪਲੱਬਧ ਕਰਵਾਉਣ ਤੇ ਇਸ ਦੀ ਸਹੀ ਵਰਤੋਂ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਏਡੀਸੀ ਅਮਿਤ ਬੈਂਬੀ ਨੇ ਕਿਹਾ ਕਿ ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੰਭਾਵਨਾ ਹੋਵੇ, ਉਥੇ ਨਿਗਰਾਨੀ ਵਧਾਈ ਜਾਵੇ ਅਤੇ ਤੁਰੰਤ ਰੋਕਥਾਮੀ ਕਦਮ ਚੁੱਕੇ ਜਾਣ। ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਜ਼ਮੀਨ ਅਤੇ ਸਿਹਤ ’ਤੇ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਮੁਹਿੰਮਾਂ ਚਲਾਉਣ ਦੀ ਵੀ ਅਪੀਲ ਕੀਤੀ ਗਈ। ਮੀਟਿੰਗ ਦੇ ਅੰਤ ’ਚ ਸਭ ਵਿਭਾਗਾਂ ਵੱਲੋਂ ਸਾਂਝੇ ਯਤਨਾਂ ਨਾਲ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ-ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ। ਮੀਟਿੰਗ ਵਿੱਚ ਏ ਡੀ ਸੀ (ਵਿਕਾਸ) ਸੁਖਚੈਨ ਸਿੰਘ, ਐੱਸ ਪੀ ਦਵਿੰਦਰ ਅੱਤਰੀ, ਜ਼ਿਲ੍ਹੇ ਦੇ ਸਮੂਹ ਐੱਸ ਡੀ ਐੱਮ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।