ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ। ਉਹ ਸਥਾਨਕ ਬੱਚਤ ਭਵਨ ਵਿੱਚ ਇੱਕ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਵਿਚ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਮਹੀਨੇ ਦੇ ਅੰਦਰ-ਅੰਦਰ ਆਪਣੇ-ਆਪਣੇ ਸਕੂਲੀ ਵਾਹਨਾਂ ਦੀਆਂ ਤਰੁੱਟੀਆਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿਸ ਵਾਹਨ ਵਿਚ ਇਕ ਵੀ ਵਿਦਿਆਰਥਣ ਆਉਂਦੀ ਹੈ, ਉਸ ਵਿਚ ਲੇਡੀਜ਼ ਅਟੈਂਡੈਟ ਦੀ ਸੁਵਿਧਾ ਲਾਜ਼ਮੀ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲ ਵੈਨ ਦੇ ਅੰਦਰ ਲੋੜੀਂਦੀਆਂ ਸੁਵਿਧਾਵਾਂ ਹੋਣੀਆਂ ਲਾਜ਼ਮੀ ਹਨ।