ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 5 ਜੂਨ
ਸੀਆਈਏ ਸਟਾਫ਼ ਪੁਲੀਸ ਕਾਲਾਂਵਾਲੀ ਦੇ ਇੰਚਾਰਜ ਸੁਰੇਸ਼ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ ਅੰਤਰਰਾਜੀ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਉਰਫ਼ ਨਿੱਕਾ ਸਿੰਘ ਵਾਸੀ ਫੱਲੜ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਪੰਜਾਬ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 11 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਕਾਲਾਂਵਾਲੀ ਦੇ ਡੀਐੱਸਪੀ ਸੰਦੀਪ ਧਨਖੜ ਨੇ ਦੱਸਿਆ ਕਿ ਸੀਆਈਏ ਸਟਾਫ਼ ਕਾਲਾਂਵਾਲੀ ਇੰਚਾਰਜ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਟੀਮ ਦੇ ਹੈੱਡ ਕਾਂਸਟੇਬਲ ਸੰਦੀਪ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਜਦੋਂ ਜਾਂਚ ਕੀਤੀ ਗਈ ਤਾਂ ਮੋਟਰਸਾਈਕਲ ਦੀ ਨੰਬਰ ਪਲੇਟ ਜਾਅਲੀ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਮੋਟਰਸਾਈਕਲ ਚੋਰੀ ਦਾ ਕੇਸ 2024 ਵਿੱਚ ਥਾਣਾ ਕਾਲਾਂਵਾਲੀ ਵਿੱਚ ਦਰਜ ਕੀਤਾ ਗਿਆ ਸੀ। ਮੁਲਜ਼ਮ ਤੋਂ ਦੋ ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ, ਜੋ ਥਾਣਾ ਸਿਟੀ ਵਿੱਚ ਦਰਜ ਕੇਸ ਨੰਬਰ 08/2024 ਅਤੇ 164/2025 ਵਿੱਚ ਚੋਰੀ ਦੇ ਪਾਏ ਗਏ। ਇਸੇ ਤਰ੍ਹਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛ-ਪੜਤਾਲ ਕਰਨ ’ਤੇ ਉਸ ਨੇ 8 ਹੋਰ ਚੋਰੀ ਹੋਏ ਮੋਟਰਸਾਈਕਲਾਂ ਬਾਰੇ ਦੱਸਿਆ, ਜੋ ਪੁਲੀਸ ਟੀਮ ਵੱਲੋਂ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੇ ਦੱਸਿਆ ਕਿ ਉਸਨੇ ਇਹ ਮੋਟਰਸਾਈਕਲ ਡੱਬਵਾਲੀ ਅਤੇ ਪੰਜਾਬ ਖੇਤਰ ਤੋਂ ਚੋਰੀ ਕੀਤੇ ਸਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਤੋਂ ਬਾਅਦ ਚੋਰੀ ਦੀਆਂ ਹੋਰ ਘਟਨਾਵਾਂ ਅਤੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।