ਜੋਗਿੰਦਰ ਸਿੰਘ ਮਾਨ
ਮਾਨਸਾ, 3 ਅਪਰੈਲ
ਮਾਨਸਾ ਵਿੱਚ ਯੂਥ ਅਕਾਲੀ ਦਲ ਦੀ ਰੈਲੀ ਹੋਈ। ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਰਾਜਭਾਗ ਦੌਰਾਨ ਪੰਜਾਬ ਨੂੰ ਆਰਥਿਕ ਪੱਖੋਂ ਹੌਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬੀਆਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਨੂੰ ਲਾਗੂ ਨਾ ਕਰਕੇ ਧੋਖਾ ਕੀਤਾ ਹੈ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਨੇ ਭਾਜਪਾ ਸਮੇਤ ਸਾਰੀਆਂ ਧਿਰਾਂ ਨੂੰ ਹਰਾ ਕੇ ਵਿਧਾਨ ਸਭਾ ਚੋਣਾਂ ਵਿੱਚ 100 ਸੀਟਾਂ ਜਿੱਤਣ ਦਾ ਮੰਚ ਤੋਂ ਦਾਅਵਾ ਕੀਤਾ। ਪੰਜਾਬ ਸਰਕਾਰ ਨੂੰ ਕੋਸਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਇਸ ਸਰਕਾਰ ਤੋਂ ਨੌਜਵਾਨਾਂ ਨੂੰ ਆਪਣਾ 55 ਮਹੀਨਿਆਂ ਦਾ ਬੇਰੁਜ਼ਗਾਰੀ ਭੱਤਾ ਅਤੇ ਨੌਕਰੀਆਂ ਦਾ ਹਿਸਾਬ ਮੰਗਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆ ਕੇ ਇਕ ਵਾਰ ਵੀ ਪੰਜਾਬੀਆਂ ਦੀ ਸਾਰ ਨਾ ਲੈਣ ਵਾਲੇ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀਆਂ ਤੋਂ ਲੋਕਾਂ ਨੂੰ ਘੇਰ ਕੇ ਇਸਦਾ ਜਵਾਬ ਮੰਗਣਾ ਚਾਹੀਦਾ ਹੈ। ਹਲਕਾ ਇੰਚਾਰਜ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ, ਪਰ ਕਾਂਗਰਸ ਸਰਕਾਰ ਨੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਵਾਸਤੇ ਕੁਝ ਨਹੀਂ ਕੀਤਾ, ਬਲਕਿ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਸਰਕਾਰੀ ਆਸਾਮੀਆਂ ਖ਼ਤਮ ਕਰ ਦਿੱਤੀਆਂ। ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਦਿਲਰਾਜ ਸਿੰਘ ਭੂੰਦੜ, ਪ੍ਰੇਮ ਕੁਮਾਰ ਅਰੋੜਾ, ਗੁਰਮੇਲ ਸਿੰਘ ਫਫੜੇ, ਡਾ.ਨਿਸ਼ਾਨ ਸਿੰਘ ਬੁਢਲਾਡਾ, ਗੁਰਪ੍ਰੀਤ ਸਿੰਘ ਚਾਹਲ, ਗੁਰਦੀਪ ਸਿੰਘ ਟੋਡਰਪੁਰ ਆਦਿ ਨੇ ਵੀ ਸੰਬੋਧਨ ਕੀਤਾ।