ਖੇਤਰੀ ਪ੍ਰਤੀਨਿਧ
ਬਰਨਾਲਾ, 29 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ’ਤੇ ਲੱਗੇ ਸਾਂਝੇ ਧਰਨੇ ’ਚ ਅੱਜ ਬੁਲਾਰਿਆਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨਰਮੇ ਦੀ ਕੀਟ-ਨਾਸ਼ਕ ਦਵਾਈ ਮੁਫ਼ਤ ਵੰਡਣ ਵਾਲੀ ਸਕੀਮ ਦੀ ਚੀਰ-ਫਾੜ ਕੀਤੀ। ਇਸ ਸਕੀਮ ਨੂੰ ਸਰਕਾਰੀ ਨਾਲਾਇਕੀ ’ਤੇ ਪਰਦਾ ਪਾਉਣ ਵਾਲਾ ਪਾਖੰਡ ਦੱਸਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਹੁਣ ਜਦੋਂ 80-90 ਫੀਸਦੀ ਨਰਮਾ ਪੱਕ ਚੁੱਕਾ ਹੈ ਤਾਂ ਕੀਟਨਾਸ਼ਕ ਦਾ ਕੀ ਫਾਇਦਾ। ਇਸ ਦੌਰਾਨ ਉਨ੍ਹਾਂ ਪੀੜਤ ਕਿਸਾਨਾਂ ਲਈ 50 ਹਜ਼ਾਰ ਪ੍ਰਤੀ ਏਕੜ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ। ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ ਤੇ ਨਛੱਤਰ ਸਿੰਘ ਸਹੌਰ ਸਣੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਝੋਨਾ ਵੇਚਣ ਲਈ ਕਿਸਾਨਾਂ ਨੂੰ ਆੜ੍ਹਤੀਆਂ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਕੋਲ ਫਰਦਾਂ ਜਮ੍ਹਾਂ ਨਾ ਕਰਾਉਣ ਦਾ ਸੱਦਾ ਦਿੱਤਾ। ਉਧਰ ਰਿਲਾਇੰਸ ਮਾਲ ਬਰਨਾਲਾ ਮੂਹਰੇ ਚੱਲ ਰਿਹਾ ਧਰਨਾ ਪੂਰੇ ਜ਼ੋਸ਼ੋ ਖਰੋਸ਼ ਨਾਲ ਜਾਰੀ ਰਿਹਾ।
ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ਵਿੱਚ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਸ਼ਮਸ਼ੇਰ ਸਿੰਘ, ਗੁਰਮੇਲ ਠੁੱਲੀਵਾਲ, ਅਮਰਜੀਤ ਸਿੰਘ ਤੇ ਅਮਨਦੀਪ ਸਿੰਘ ਆਦਿ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ।
ਬਰੇਟਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੈਟਰੋਲ ਪੰਪ ਅਤੇ ਸਾਂਝਾ ਕਿਸਾਨ ਮੋਰਚੇ ਵੱਲੋਂ ਰੇਲਵੇ ਦੀ ਪਾਰਕਿੰਗ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਲਗਾਤਾਰ ਜਾਰੀ ਹਨ। ਅੱਜ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਸੁਖਪਾਲ ਸਿੰਘ, ਅਮਰੀਕ ਸਿੰਘ ਗੋਰਖਨਾਥ ਤੇ ਚਰਨਜੀਤ ਸਿੰਘ ਸਣੇ ਹੋਰਾਂ ਨੇ ਸੰਬੋਧਨ ਕੀਤਾ।