ਪੱਤਰ ਪ੍ਰੇਰਕ
ਮਾਨਸਾ, 20 ਸਤੰਬਰ
ਸੀਨੀਅਰ ਆਗੂ ਜਗਦੇਵ ਸਿੰਘ ਰਾਏਪੁਰ ਨੇ ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਅਕਾਲੀ ਦਲ (ਅ) ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਲੋਕ ਇਨਸਾਫ਼ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਤੋਂ ਚੋਣ ਵੀ ਲੜੀ ਸੀ। ਅਕਾਲੀ ਦਲ (ਅ) ਵਿੱਚ ਸ਼ਾਮਲ ਹੋਣ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦੀ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਅਤੇ ਸਿੱਖਾਂ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਮੁੱਖ ਰੱਖਦਿਆਂ ਉਹ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੂੰ ਅਕਾਲੀ ਦਲ (ਅ) ਵੱਲੋਂ ਹਰ ਤਰ੍ਹਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਬਲਵੀਰ ਸਿੰਘ ਬੱਛੋਆਣਾ, ਬਲਦੇਵ ਸਿੰਘ ਸਾਹਨੇਵਾਲੀ, ਸੁਖਚੈਨ ਸਿੰਘ ਅਤਲਾ, ਰਜਿੰਦਰ ਸਿੰਘ ਜਵਾਹਰਕੇ, ਜੁਗਿੰਦਰ ਸਿੰਘ ਬੋਹਾ, ਜਗਤਾਰ ਸਿੰਘ ਜਵਾਹਰਕੇ ਵੀ ਮੌਜੂਦ ਸਨ।