ਵਿਦਿਆਰਥੀ ਸੈਸ਼ਨ ’ਚ ਜਗਮੰਦਰ ਸਿੰਘ ਨਿਭਾਏਗਾ ਸਪੀਕਰ ਦੀ ਭੂਮਿਕਾ
ਵਿਧਾਨ ਸਭਾ ਹਲਕਾ ਜੈਤੋ ਦੇ ਸਰਕਾਰੀ ਸਕੂਲ ਆਫ ਐਮੀਨੇਸ਼ਨ ਦਾ ਜਗਮੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਵਿਦਿਆਰਥੀ ਵਿਸ਼ੇਸ਼ ਸੈਸ਼ਨ ਦੇ ਸਪੀਕਰ ਦੀ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਉਨ੍ਹਾਂ ਨੇ ਜਗਮੰਦਰ ਨੂੰ ਮਿਲ ਕੇ ਕੁਝ ਜ਼ਰੂਰੀ ਨੁਕਤੇ ਸਮਝਾ ਦਿੱਤੇ ਹਨ ਜੋ ਕਿ ਸਪੀਕਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਘੁਗਿਆਨਾ ਦਾ ਅਮਨਦੀਪ ਸਿੰਘ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਭੂਮਿਕਾ ਨਿਭਾਏਗਾ ਜਦੋਂ ਕਿ ਜੰਡ ਸਾਹਿਬ ਦਾ ਗੁਰਸਾਹਿਬ ਸਿੰਘ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਰੂਪ ਵਿੱਚ ਵਿਧਾਨ ਸਭਾ ਸੈਸ਼ਨ ਵਿੱਚ ਬੈਠੇਗਾ। ਪੰਜਾਬ ਸਰਕਾਰ ਵੱਲੋਂ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਸਪੈਸ਼ਲ ਵਿਦਿਆਰਥੀ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣ ਕੇ ਆਏ ਵਿਦਿਆਰਥੀ ਚਲਾਉਣਗੇ। ਜਗਮੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਬਤੌਰ ਵਿਧਾਇਕ ਵਜੋਂ ਭੂਮਿਕਾ ਨਿਭਾਉਣ ਜਾ ਰਿਹਾ ਹੈ ਅਤੇ ਸਪੀਕਰ ਦੀ ਕੁਰਸੀ ’ਤੇ ਬਿਰਾਜਮਾਨ ਹੋਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ-ਕਾਲਜਾਂ ਤੋਂ ਚੁਣੇ ਵਿਦਿਆਰਥੀ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀਆਂ ਭੂਮਿਕਾਵਾਂ ਨਿਭਾਉਣਗੇ।
