ਜੋਗਿੰਦਰ ਸਿੰਘ ਮਾਨ/ਪਰਸ਼ੋਤਮ ਬੱਲੀ
ਮਾਨਸਾ/ਬਰਨਾਲਾ, 25 ਅਗਸਤ
ਰਾਜਸਥਾਨ ਵਿੱਚ ਦਲਿਤ ਪਰਿਵਾਰਾਂ ਨਾਲ ਹੋ ਰਹੇ ਅੱਤਿਆਚਾਰ ਨੂੰ ਲੈ ਕੇ ਮਾਨਸਾ ਤੇ ਬਰਨਾਲਾ ਵਿੱਚ ਅੱਜ ਬਹੁਜਨ ਸਮਾਜ ਪਾਰਟੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਇਕਾਈ ਨੇ ਘੜੇ ਭੰਨ ਕੇ ਤੇ ਰਾਜਸਥਾਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟਾਇਆ ਗਿਆ। ਮਾਨਸਾ ਵਿੱਚ ਰੋਸ ਮੁਜ਼ਾਹਰੇ ਦੀ ਅਗਵਾਈ ਪ੍ਰਧਾਨ ਗੁਰਦੀਪ ਸਿੰਘ ਮਾਖਾ ਨੇ ਕੀਤੀ। ਬਰਨਾਲਾ ਇਕਾਈ ਵੱਲੋੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਤਹਿਸੀਲਦਾਰ ਦਿੱਵਿਆ ਸਿੰਗਲਾ ਨੂੰ ਮੰਗ-ਪੱਤਰ ਸੌਂਪਿਆ ਗਿਆ।
ਮੁਜ਼ਾਹਰਕਾਰੀਆਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਮਾਖਾ ਨੇ ਕਿਹਾ ਕਿ ਰਾਜਸਥਾਨ ਦੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਜਲੌਰ ’ਚ ਅਨੁਸੂਚਿਤ ਜਾਤੀ ਵਰਗ ਦੇ ਤੀਜੀ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਇੰਦਰ ਮੇਘਵਾਲ ਨਾਲ ਘੜੇ ’ਚ ਪਾਣੀ ਪੀਣ ਬਦਲੇ ਭੇਦਭਾਵ ਕਰਨ ਅਤੇ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਠੋਸ ਕਾਰਵਾਈ ਕਰਨ ਦੀ ਥਾਂ ਲਗਾਤਾਰ ਢਿੱਲ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤਾਂ ’ਤੇ ਜ਼ੁਲਮ ਦੇ ਮਾਮਲੇ ਵਿੱਚ ਰਾਜਸਥਾਨ ਸੂਬਾ ਮੁਲਕ ਵਿੱਚ ਤੀਜੇ ਸਥਾਨ ’ਤੇ ਹੈ। ਇਕਾਈ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰਾਸ਼ਟਰਪਤੀ ਦੇ ਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਬਰਨਾਲਾ ਇਕਾਈ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ ਤੇ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਧਨੌਲਾ ਨੇ ਕਿਹਾ ਕਿ ਰਾਜਸਥਾਨ ਦੇ ਜਾਲੌਰ ਜ਼ਿਲੇ ਵਿਚ ਇਕ ਸਕੂਲੀ ਅਧਿਆਪਕ ਵੱਲੋਂ ਇੱਕ ਦਲਿਤ ਵਿਦਿਆਰਥੀ ਇੰਦਰ ਮੇਘਵਾਲ ਦੀ ਕਥਿਤ ਉੱਚ ਜਾਤੀ ਵਿਦਿਆਰਥੀਆਂ ਲਈ ਰੱਖੇ ਘੜੇ ਵਿੱਚੋਂ ਪਾਣੀ ਪੀਣ ‘ਤੇ ਬੁਰੀ ਤਰਾਂ ਕੁੱਟਮਾਰ ਕੀਤੇ ਜਾਣ ਦੀ ਘਟਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਦਲਿਤ ਵਰਗ ਅੱਜ ਭਾਰਤ ਵਿਚ ਸੁਰੱਖਿਅਤ ਨਹੀਂ ਹੈ। ਆਗੂਆਂ ਨੇ ਕਿਹਾ ਕਿ ਜਦ ਤੋਂ ਮੋਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਦਲਿਤਾਂ ਵਿਰੁੱਧ ਜ਼ੁਲਮ ਵਧੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦਲਿਤਾਂ ’ਤੇ ਜ਼ੁਲਮ ਬੰਦ ਨਾ ਹੋਏ ਤਾਂ ਮੋਦੀ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜਨਰਲ ਸਕੱਤਰ ਜਗਰੂਪ ਸਿੰਘ ਪੱਖੋ ਨੇ ਕਿਹਾ ਕਿ ਉਕਤ ਮੁਲਜ਼ਮ ਅਧਿਆਪਕ ਨੂੰ ਫਾਂਸੀ ਦਿੱਤੀ ਜਾਵੇ।