ਸ਼ਗਨ ਕਟਾਰੀਆ
ਬਠਿੰਡਾ, 6 ਸਤੰਬਰ
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ ’ਤੇ ਠੇਕਾ ਆਧਾਰਿਤ ਬੱਸ ਕਾਮਿਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਅੱਜ ਤੋਂ ਬੇਮਿਆਦੀ ਹੜਤਾਲ ਸ਼ੁਰੂ ਕੀਤੀ ਗਈ। ਕਾਮਿਆਂ ਨੇ ਇੱਥੇ ਪੀਆਰਟੀਸੀ ਡਿੱਪੂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਸਰਕਾਰੀ ਬੱਸਾਂ ਬੰਦ ਹੋਣ ਨਾਲ ਨਿੱਜੀ ਬੱਸ ਕੰਪਨੀਆਂ ਦੀ ਚਾਂਦੀ ਰਹੀ ਅਤੇ ਸਵਾਰੀਆਂ ਨੂੰ ਨੱਕੋ-ਨੱਕ ਭਰੀਆਂ ਪ੍ਰਾਈਵੇਟ ਬੱਸਾਂ ’ਚ ਸਫ਼ਰ ਕਰਨਾ ਪਿਆ।
ਯੂਨੀਅਨ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਟਰਾਂਸਪੋਰਟ ਨੀਤੀ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਸਰਮਾਏਦਾਰ ਨਿੱਜੀ ਟਰਾਂਸਪੋਰਟਰਾਂ ਨਾਲ ‘ਮਿਲੀ’ ਹੋਈ ਹੈ ਅਤੇ ਉਸ ਦਾ ਟੀਚਾ ਸਰਕਾਰੀ ਟਰਾਂਸਪੋਰਟ ਨੂੰ ਖ਼ਤਮ ਕਰ ਕੇ ਪ੍ਰਾਈਵੇਟ ਟਰਾਂਸਪੋਰਟ ਦਾ ਏਕਾਧਿਕਾਰ ਸਥਾਪਿਤ ਕਰਨਾ ਹੈ।
ਫ਼ਰੀਦਕੋਟ (ਜਸਵੰਤ ਜੱਸ): ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਸਮੂਹ ਡਿੱਪੂਆਂ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਨ ਲਗਭਗ 2200 ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਫ਼ਰੀਦਕੋਟ ਡਿੱਪੂ ਦੇ ਗੇਟ ’ਤੇ ਰੋਸ ਰੈਲੀ ਵਿੱਚ ਸੂਬਾ ਕਮੇਟੀ ਮੈਂਬਰ ਹਰਪ੍ਰੀਤ ਸੋਢੀ, ਹਰਜਿੰਦਰ ਕੁਮਾਰ, ਗੁਰਮੀਤ ਸਿੰਘ, ਮੱਲਣ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਦਾ ਹੱਲ ਨਹੀਂ ਕੱਢਿਆ।
ਬਰਨਾਲਾ (ਪਰਸ਼ੋਤਮ ਬੱਲੀ): ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਸਣੇ ਲਟਕ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਹੜਤਾਲ ਦੇ ਸੱਦੇ ਤਹਿਤ ਅੱਜ ਪੀਆਰਟੀਸੀ ਬਰਨਾਲਾ ਡਿੱਪੂ ਦੇ ਕਾਮਿਆਂ ਨੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ। ਡਿੱਪੂ ਪ੍ਰਧਾਨ ਨਿਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਸੇਖਾ, ਸੂਬਾਈ ਆਗੂ ਸੁਖਪਾਲ ਸਿੰਘ ਪਾਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਬੱਸਾਂ ਨੂੰ ਬੰਦ ਕਰਨ ਦੇ ਮਾਰੂ ਰਾਹ ’ਤੇ ਚੱਲ ਰਹੀ ਹੈ। ਆਗੂਆਂ ਨੇ ਕਿਹਾ ਕਿ ਭਲਕੇ 7 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਅਗਾਮੀ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲ ਕੂਚ ਵੀ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਕਾਦਿਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਤੇ ਹੋਰ ਆਗੂਆਂ ਨੇ ਧਰਨੇ ’ਚ ਸ਼ਿਰਕਤ ਕਰ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨ ਨਾਲ ਨਿੱਜੀ ਟਰਾਂਸਪੋਰਟਰਾਂ ਦੀ ਚਾਂਦੀ ਬਣ ਗਈ ਹੈ। ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਲੋਕ ਇਧਰ ਉਧਰ ਭਟਕਦੇ ਰਹੇ ਅਤੇ ਮੁਫ਼ਤ ਸਫ਼ਰ ਤੋਂ ਔਰਤਾਂ ਵੀ ਵਾਂਝੀਆ ਰਹੀਆਂ। ਮੋਗਾ ਰੋਡਵੇਜ਼ ਡਿੱਪੂ ਦੇ ਗੇਟ ਅੱਗੇ ਰੋਸ ਰੈਲੀ ਨੂੰ ਹੜਤਾਲੀ ਕਾਮਿਆਂ ਦੀ ਜਥੇਬੰਦੀ ਦੇ ਕਨਵੀਨਰ ਬਚਿੱਤਰ ਸਿੰਘ, ਚੇਅਰਮੈਨ ਟਹਿਲ ਸਿੰਘ, ਸੁਖਵਿੰਦਰ ਸਿੰਘ ਮਨਜੀਤ ਸਿੰਘ ਸੰਧੂ ਤੇ ਹੋਰਾਂ ਨੇ ਸੰਬੋਧਨ ਕੀਤਾ।
ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਸਮੂਹ ਡਿੱਪੂਆਂ ਦੇ ਕੱਚੇ ਕਾਮਿਆਂ ਵੱਲੋਂ ਅੱਜ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਫ਼ਾਜ਼ਿਲਕਾ ਡਿੱਪੂ ਦੇ ਗੇਟ ’ਤੇ ਰੋਸ ਰੈਲੀ ’ਚ ਡਿੱਪੂ ਪ੍ਰਧਾਨ ਮਨਪ੍ਰੀਤ ਸਿੰਘ, ਸਲਾਹਕਾਰ ਰਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਸੈਕਟਰੀ ਗੁਰਖਸ਼ ਲਾਲ ਨੇ ਸੰਬੋਧਨ ਕੀਤਾ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਪੰਜਾਬ ਰੋਡਵੇਜ਼ ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ੀਰਾ ਡਿੱਪੂ ਦੇ ਗੇਟ ਅੱਗੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ, ਜਨਰਲ ਸਕੱਤਰ ਬੂਟਾ ਸਿੰਘ ਵੜੈਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਲਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ।
ਬੱਸ ਅੱਡਿਆਂ ’ਤੇ ਰੁਲਦੀਆਂ ਰਹੀਆਂ ਸਵਾਰੀਆਂ
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਭਰ ਵਿੱਚ ਅੱਜ ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਵਰਕਰਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਆਰੰਭ ਕਰਨ ਨਾਲ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਅੱਡਿਆਂ ’ਤੇ ਪ੍ਰੇਸ਼ਾਨ ਹੋਣਾ ਪਿਆ। ਸਭ ਤੋਂ ਵੱਧ ਪ੍ਰੇਸ਼ਾਨੀ ਔਰਤਾਂ ਅਤੇ ਬਜ਼ੁਰਗਾਂ ਨੂੰ ਆਈ। ਬੇਸ਼ੱਕ ਪਨਬਸ ਅਤੇ ਪੀਆਰਟੀਸੀ ਦੇ ਪ੍ਰਬੰਧਕਾਂ ਨੇ ਕੁਝ ਰੂਟਾਂ ਉੱਪਰ ਬੱਸ ਸੇਵਾ ਜਾਰੀ ਰੱਖਣ ਦਾ ਉਪਰਾਲਾ ਕੀਤਾ, ਪਰ ਜ਼ਿਆਦਾਤਰ ਬੱਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਵੱਡੀ ਤਕਲੀਫ਼ ਦਾ ਸਾਹਮਣਾ ਕਰਨਾ ਪਿਆ। ਮਾਨਸਾ ਦੇ ਬੱਸ ਅੱਡੇ ਵਿਚ ਮਾਤਾ ਗੁਰਮੇਲ ਕੌਰ ਨੇ ਦੱਸਿਆ ਕਿ ਉਹ ਸਿਰਸਾ ਜਾਣ ਲਈ ਪੌਣੇ ਘੰਟੇ ਤੋਂ ਬੱਸ ਦੀ ਉਡੀਕ ਕਰ ਰਹੀ ਹੈ, ਪਰ ਉਸ ਨੂੰ ਕੋਈ ਸਿੱਧੀ ਬੱਸ ਸਿਰਸਾ ਦੀ ਨਹੀਂ ਮਿਲ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਬਠਿੰਡਾ, ਜਲੰਧਰ, ਸੰਗਰੂਰ ਅਤੇ ਹੋਰ ਸ਼ਹਿਰਾਂ ਨੂੰ ਜਾਣ ਲਈ ਔਰਤਾਂ ਸਣੇ ਹੋਰ ਲੋਕ ਅੱਡਿਆਂ ’ਤੇ ਪ੍ਰੇਸ਼ਾਨ ਹੁੰਦੇ ਰਹੇ।