ਪਰਮਜੀਤ ਸਿੰਘ
ਫਾਜ਼ਿਲਕਾ, 22 ਅਕਤੂਬਰ
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਸਫਾਈ ਕਰਮਚਾਰੀਆਂ ਦੀਆਂ ਮੁਸਕਿਲਾਂ ਦੇ ਹੱਲ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਤੋਂ ਇਲਾਵਾ ਉਹ ਪਿੰਡ ਚੱਕ ਜਾਨੀਸਰ ਵੀ ਗਏ ਜਿੱਥੇ ਉਨਾਂ ਨੇ ਮਾਰਕੁੱਟ ਦਾ ਸ਼ਿਕਾਰ ਹੋਏ ਇਕ ਨੌਜਵਾਨ ਦਾ ਹਾਲ ਚਾਲ ਜਾਣਿਆਂ। ਇਸ ਮੌਕੇ ਉਨ੍ਹਾਂ ਨੇ ਉਕਤ ਕੇਸ ਦੀ ਜਾਂਚ ਲਈ ਏ.ਡੀ.ਸੀ. ਜਨਰਲ, ਐਸ.ਪੀ.ਐਚ. ਅਤੇ ਜ਼ਿਲ੍ਹਾ ਭਲਾਈ ਅਫ਼ਸਰ ਦੀ ਤਿੰਨ ਮੈਂਬਰ ਵਿਸੇਸ਼ ਜਾਂਚ ਟੀਮ ਦੇ ਗਠਨ ਦਾ ਐਲਾਨ ਵੀ ਕੀਤਾ। ਉਨ੍ਹਾਂ ਜਾਂਚ ਟੀਮ ਨੂੰ ਹਦਾਇਤ ਕੀਤੀ ਕਿ ਤੁਰੰਤ ਸਾਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਭੇਜੀ ਜਾਵੇ।
ਇਸ ਤੋਂ ਪਹਿਲਾਂ ਫਾਜ਼ਿਲਕਾ ਵਿੱਚ ਬੈਠਕ ਦੌਰਾਨ ਗੇਜਾ ਰਾਮ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਨਬਿੇੜਾ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਵਿਚ ਅੰਬਦੇਕਰ ਭਵਨ ਅਤੇ ਬਿਰਧ ਆਸ਼ਰਮ ਦੇ ਨਿਰਮਾਣ ਲਈ ਸਥਾਨ ਦੀ ਭਾਲ ਕਰਨ ਦੇ ਹੁਕਮ ਵੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹਰ ਤਿੰਨ ਮਹੀਨੇ ਬਾਅਦ ਸਫਾਈ ਕਰਮਚਾਰੀਆਂ ਦਾ ਮੈਡੀਕਲ ਕਰਨ ਦੇ ਹੁਕਮ ਵੀ ਦਿੱਤੇ।