ਚੰਦਰ ਪ੍ਰਕਾਸ਼ ਕਾਲੜਾ
ਜਲਾਲਾਬਾਦ, 9 ਅਕਤੂਬਰ
ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਦਾ ਸਾਂਝਾ ਮੋਟਰ ਸਾਈਕਲ ਮਾਰਚ ਕਾਮਰੇਡ ਕਾਮਰੇਡ ਗੁਰਚਰਨ ਸਿੰਘ ਅਰੋੜਾ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਅਤੇ ਜਲਾਲਾਬਾਦ-ਫਿਰੋਜ਼ਪੁਰ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ (ਮਾਹਮੂਜੋਈਆ) ਪਹੁੰਚਿਆ, ਜਿੱਥੇ ਕਿਸਾਨਾਂ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਬੰਦ ਕੀਤਾ ਹੋਇਆ ਹੈ, ਉੱਥੇ ਇਹ ਮੋਟਰਸਾਈਕਲ ਮਾਰਚ ਪਹੁੰਚਿਆ।
ਇਸ ਮੌਕੇ ਕਾਮਰੇਡ ਨੱਥਾ ਸਿੰਘ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਣਜਾਰ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੇ ਪੰਜਾਬ ਦੇ ਸੂਬਾ ਜਰਨਲ ਸਕੱਤਰ ਸੁਰਿੰਦਰ ਕੰਬੋਜ ਸਵਾਹ ਵਾਲਾ, ਜੀਟੀਯੂ ਦੇ ਜ਼ਿਲ੍ਹਾ ਆਗੂ ਮੇਜਰ ਸਿੰਘ, ਸੁਖਵਿੰਦਰ ਸਿੰਘ ਡੀਪੀ, ਗੁਰਨਾਮ ਚੰਦ ਛੱਪੜੀ ਵਾਲਾ ਹਾਜ਼ਰ ਸਨ। ਇਹ ਮਾਰਚ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆਪਿੰਡਾਂ ਦੇ ਲੋਕਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਜ਼ਬਰਨ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਸਾਨਾਂ-ਮਜਦੂਰਾਂ ਨੂੰ ਮੋਦੀ ਸਰਕਾਰ ਦੇ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ-ਮਜਦੂਰ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀਂ ਅਪੀਲ ਕੀਤੀ। ਅੰਤ ਪਿੰਡ ਬਹਾਦਰ ਕੇ ਤੋਂ ਜੱਥਾ ਮਾਰਚ ਵਾਪਸ ਮੁੜ ਕੇ ਟੌਲ ਪਲਾਜ਼ਾ ਮਾਹਮੂ ਜੋਈਆਂ ਕੋਲ ਪਹੁੰਚ ਕੇ ਸਮਾਪਤ ਕੀਤਾ ਗਿਆ।