Joginder Singh Ugrahan: ਚਾਰ ਮੰਤਰੀਆਂ ਦੇ ਘਰਾਂ ਦਾ ਘਿਰਾਓ ਅੱਜ
ਬੀ ਕੇ ਯੂ (ਏਕਤਾ) ਉਗਰਾਹਾਂ ਨੇ 13 ਦਿਨਾਂ ਤੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਮੋਰਚਿਆਂ ਦੀਆਂ ਮੰਗਾਂ ਬਾਰੇ ਸਰਕਾਰ ਦੀ ਚੁੱਪ ਕਾਰਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ...
ਬੀ ਕੇ ਯੂ (ਏਕਤਾ) ਉਗਰਾਹਾਂ ਨੇ 13 ਦਿਨਾਂ ਤੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਮੋਰਚਿਆਂ ਦੀਆਂ ਮੰਗਾਂ ਬਾਰੇ ਸਰਕਾਰ ਦੀ ਚੁੱਪ ਕਾਰਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ 13 ਮੰਗਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਵਾਉਣ ਲਈ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਮੰਗ ਪੱਤਰ ਸੌਂਪੇ ਜਾਣਗੇ। ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ ਉਸੇ ਦਿਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਲਈ ਮਤਾ ਪਾਸ ਕੀਤਾ ਜਾਵੇ, ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ 10 ਲੱਖ ਰੁਪਏ, ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸਬੰਧਤ ਪੁਲੀਸ ਕੇਸ ਰੱਦ ਕਰਨ ਸਣੇ ਹੋਰ ਮੰਗਾਂ ਮੰਨੀਆਂ ਜਾਣ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ 13 ਸਤੰਬਰ ਨੂੰ ਭਾਜਪਾ ਆਗੂਆਂ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰ ਘੇਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾ ਤੇ ਹਰਿੰਦਰ ਬਿੰਦੂ ਸਣੇ ਸੂਬਾ ਕਮੇਟੀ ਆਗੂ ਸ਼ਾਮਲ ਹਨ।

