ਪੁਰਾਣੀ ਪੈਨਸ਼ਨ ਬਹਾਲੀ ਲਈ ਸਾਂਝੇ ਸੰਘਰਸ਼ ਦਾ ਐਲਾਨ ਕੀਤਾ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਬਠਿੰਡਾ ਵੱਲੋਂ ਸਥਾਨਕ ਟੀਚਰਜ਼ ਹੋਮ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਵਾਈ ਗਈ, ਜਿਸ ਤੋਂ ਬਾਅਦ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਅਧਿਆਪਕਾਂ, ਸਰਕਾਰੀ ਮੁਲਾਜ਼ਮਾਂ ਅਤੇ ਵੱਖ-ਵੱਖ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਕਨਵੈਨਸ਼ਨ ਦੇ ਮੁੱਖ ਬੁਲਾਰੇ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਐੱਨ.ਪੀ.ਐੱਸ. ਅਤੇ ਯੂ.ਪੀ.ਐੱਸ. ਪੈਨਸ਼ਨ ਪ੍ਰਣਾਲੀਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਇਹ ਦੋਵੇਂ ਹੀ ਸ਼ੇਅਰ ਮਾਰਕੀਟ ਅਤੇ ਬਜ਼ਾਰੂ ਜ਼ੋਖ਼ਮ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ 1972 ਦੇ ਨਿਯਮਾਂ ਅਧੀਨ ਪੁਰਾਣੀ ਪੈਨਸ਼ਨ ਪ੍ਰਣਾਲੀ ਹੀ ਸਰਕਾਰੀ ਕਰਮਚਾਰੀਆਂ ਲਈ ਸੁਰੱਖਿਅਤ, ਟਿਕਾਊ ਅਤੇ ਭਰੋਸੇਯੋਗ ਵਿਕਲਪ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕੀਤੀ ਹੈ, ਜਿਸਨੂੰ ਮੁਲਾਜ਼ਮ ਪੂਰੀ ਤਰ੍ਹਾਂ ਰੱਦ ਕਰ ਚੁੱਕੇ ਹਨ। ਵਿਕਰਮ ਦੇਵ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਕੈਬਨਿਟ ਸਬ-ਕਮੇਟੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦੇ ਕੇ ਕੇਂਦਰੀ ਸਕੀਮ ਥੋਪਣ ਦੀ ਤਿਆਰੀ ਕਰ ਰਹੀ ਹੈ, ਜਦਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਬਹਾਲੀ ਤੋਂ ਘੱਟ ਕਿਸੇ ਗੱਲ ’ਤੇ ਸਹਿਮਤ ਨਹੀਂ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਲਈ ਆਰਥਿਕ ਤੇ ਸੰਗਠਨ ਪੱਧਰ ’ਤੇ ਹਮ-ਖਿਆਲੀ ਧਿਰਾਂ ਨਾਲ ਮਿਲ ਕੇ ਵੱਡੇ ਪੱਧਰ ਦਾ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਮੋਗਾ ਵਿੱਚ ਹੋਈ ਬੀਤੀ ਮੀਟਿੰਗ ਵਿੱਚ ਅਗਲੇ ਕਦਮ ਤੈਅ ਕੀਤੇ ਗਏ। ਕਨਵੈਨਸ਼ਨ ਦੀ ਅਗਵਾਈ ਅੰਮ੍ਰਿਤਪਾਲ ਸਿੰਘ ਮਾਨ (ਜ਼ਿਲ੍ਹਾ ਕਨਵੀਨਰ), ਨਰਿੰਦਰ ਸਿੰਘ ਬੱਲੂਆਣਾ (ਜਨਰਲ ਸਕੱਤਰ) ਅਤੇ ਜਗਪਾਲ ਸਿੰਘ ਬੰਗੀ (ਡੀ ਟੀ ਐੱਫ ਜ਼ਿਲ੍ਹਾ ਪ੍ਰਧਾਨ) ਨੇ ਕੀਤੀ। ਇਸ ਮੌਕੇ ਜਗਸੀਰ ਸਿੰਘ ਸਹੋਤਾ ਨੇ ਸਾਰੀਆਂ ਮੁਲਾਜ਼ਮ ਧਿਰਾਂ ਨੂੰ ਇਕੱਠੇ ਹੋ ਕੇ ਇੱਕ ਪਲੇਟਫਾਰਮ ’ਤੇ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ ਅਧਿਆਪਕ ਬੁਲਾਰਿਆਂ ਨੇ ਸੰਬੋਧਨ ਕੀਤਾ।
