ਖੇਤਰੀ ਪ੍ਰਤੀਨਿਧ
ਬਰਨਾਲਾ, 13 ਦਸੰਬਰ
ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ’ਤੇ ਤਸ਼ੱਦਦ ਖ਼ਿਲਾਫ਼ ਸਾਂਝੇ ਅਧਿਆਪਕ ਮੋਰਚੇ ਦੇ ਸੱਦੇ ’ਤੇ ਬਰਨਾਲਾ ਬਲਾਕ ਦੇ ਅਧਿਆਪਕਾਂ ਨੇ ਬਾਜ਼ਾਰਾਂ ਵਿੱਚ ਮਾਰਚ ਕਰਦਿਆਂ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਸਾੜ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਆਗੂਆਂ ਨੇ ਮਾਨਸਾ ਵਿੱਚ ਬੇਰੁਜ਼ਗਾਰਾਂ ਉੱਪਰ ਹੋਏ ਪੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ। ਮੋਰਚੇ ਨੇ ਕੱਚੇ ਮੁਲਾਜ਼ਮ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ ਲਈ ਜ਼ਿੰਮੇਵਾਰ ਡੀਐੱਸਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਸਾਂਝੇ ਅਧਿਆਪਕ ਮੋਰਚੇ ਦੇ ਆਗੂ ਹਰਿੰਦਰ ਮੱਲ੍ਹੀਆਂ, ਗੁਰਮੀਤ ਸੁਖਪੁਰਾ, ਪਰਮਿੰਦਰ ਸਿੰਘ ਰੁਪਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੌਂਸਮਈ ਨਕਸ਼ੇ ਕਦਮਾਂ ਉੱਪਰ ਹੀ ਚੱਲ ਰਹੀ ਹੈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਬੇਰੁਜ਼ਗਾਰਾਂ ਲਈ ਪੱਕੇ ਸਰਕਾਰੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤਾ ਕਿ ਚੱਲ ਰਹੀਆਂ ਭਰਤੀਆਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ ਅਤੇ ਸਕੂਲਾਂ ਵਿੱਚ ਖਾਲੀ ਅਸਾਮੀਆਂ ਅਨੁਸਾਰ ਨਵੀਂ ਭਰਤੀ ਦੇ ਇਸ਼ਤਿਹਾਰ ਜਾਰੀ ਕੀਤਾ ਜਾਵੇ।
ਮਾਨਸਾ (ਪੱਤਰ ਪ੍ਰੇਰਕ): ਅੱਜ ਛੁੱਟੀ ਤੋਂ ਬਾਅਦ ਸਕੂਲਾਂ ਦੇ ਅਧਿਆਪਕਾਂ ਨੇ ਮਾਨਸਾ ਵਿੱਚ ਮੁੱਖ ਮੰਤਰੀ ਚਰਚਨਜੀਤ ਸਿੰਘ ਚੰਨੀ ਦਾ ਪੁਤਲਾ ਫੂਕਿਆ ਅਤੇ ਮਾਨਸਾ ਵਿਖੇ ਬੇਰੁਜ਼ਗਾਰਾਂ ਉਪਰ ਹੋਏ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਗਿਆ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਪਰਮਿੰਦਰ ਸਿੰਘ ਮਾਨਸਾ, ਦਰਸ਼ਨ ਅਲੀਸ਼ੇਰ, ਗੁਰਪ੍ਰੀਤ ਦਲੇਲਵਾਲਾ ਅਤੇ ਬੇਰੁਜਗਾਰ ਬੀਐਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਅਧਿਆਪਕਾਂ ਦੀਆ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ।
‘ਮੁੱਖ ਮੰਤਰੀ ਲਾਠੀਚਾਰਜ ਦੀ ਥਾਂ ਰੁਜ਼ਗਾਰ ਵੱਲ ਧਿਆਨ ਦੇਣ’
ਫਾਜ਼ਿਲਕਾ (ਪੱਤਰ ਪ੍ਰੇਰਕ): ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫਾਜ਼ਿਲਕਾ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਫਾਜ਼ਿਲਕਾ ਦੇ ਬੀ.ਪੀ.ਈ.ਓ. ਦਫ਼ਤਰ ਵਿਖੇ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ ਦੌਰਾਨ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅੰਦੋਲਨਕਾਰੀਆਂ ਦੀ ਕੁੱਟਮਾਰ ਕਰਨ ਦੀ ਬਜਾਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਉਕਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਣ ਦੇਣਾ ਚਾਹੀਦਾ ਹੈ।