ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ: ਖਾਲਸਾ
ਅਕਾਲੀ ਦਲ (ਪੁਨਰ ਸੁਰਜੀਤੀ) ਤੇ ਵਾਰਿਸ ਪੰਜਾਬ ਦੇ ਵੱਲੋਂ ਉਮੀਦਵਾਰਾਂ ਦਾ ਐਲਾਨ
ਹਲਕਾ ਧਰਮਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਟੀਮ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਆਗੂਆਂ ਨੇ ਕਿਹਾ ਕਿ ਹਲਕੇ ਦੀ ਹਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਸੀਟ ’ਤੇ ਸਾਂਝੇ ਤੌਰ ’ਤੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ।
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਤੋਂ ਲੈ ਕੇ ਚੋਣ ਵਾਲੇ ਦਿਨ ਤੱਕ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਉਮੀਦਵਾਰ ਤੇ ਵੋਟਰ ਨੂੰ ਨਿਆਂ ਮਿਲੇ। ਸ੍ਰੀ ਬਰਾੜ ਨੇ ਕਿਹਾ ਕਿ ਜਿੱਤ ਲੋਕਤੰਤਰਿਕ ਮਿਆਰਾਂ ਰਾਹੀਂ ਹੀ ਹੋਣੀ ਚਾਹੀਦੀ ਹੈ।
ਸਰਬਜੀਤ ਸਿੰਘ ਖਾਲਸਾ ਦੀ ਟੀਮ ਦੇ ਮੈਂਬਰਾਂ ਨੇ ਇਸ ਐਲਾਨ ਨੂੰ ਲੋਕਾਂ ਦੀਆਂ ਅਸਲ ਮੁਸ਼ਕਲਾਂ ਅਤੇ ਅਧੂਰੀਆਂ ਉਮੀਦਾਂ ਨਾਲ ਜੋੜਦੇ ਹੋਏ ਕਿਹਾ ਕਿ ਵਾਰਸ ਪੰਜਾਬ ਅਤੇ ਮੱਖਣ ਬਰਾੜ ਦੀ ਟੀਮ ਲੋਕਾਂ ਦੇ ਹੱਕਾਂ ਅਤੇ ਪਿੰਡ ਪੱਧਰੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੀ ਸੂਚੀ ਤਿਆਰ ਕਰਨਾ ਇਕ ਵੱਡਾ ਕਦਮ ਹੈ, ਜੋ ਹਲਕੇ ਦੀ ਰਾਜਨੀਤਕ ਏਕਤਾ ਅਤੇ ਪੰਥਕ ਸੋਚ ਨੂੰ ਮਜ਼ਬੂਤੀ ਦੇਣ ਵੱਲ ਵਧਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ ਬਾਪੂ ਹਰਜਿੰਦਰ ਸਿੰਘ ਬਾਜੇਕੇ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ। ਇਸ ਮੌਕੇ ਮੀਟਿੰਗ ਦੌਰਾਨ ਸੈਂਕੜੇ ਸੀਨੀਅਰ ਆਗੂ, ਵਰਕਰ ਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

