ਹੁਸ਼ਿਆਰ ਸਿੰਘ ਘਟੌੜਾ
ਰਾਮਾਂ ਮੰਡੀ, 30 ਅਕਤੂਬਰ
ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਅਤੇ ਵਪਾਰੀ ਵਰਗ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਪੇਂਡੂ ਬੱਸ ਸੇਵਾ ਸ਼ੁਰੂ ਕਰਵਾ ਦਿੱਤੀ ਹੈ। ਇਹ ਬੱਸ ਸੇਵਾ ਰਾਮਾਂ ਮੰਡੀ ਤੋਂ ਕਾਲਿਆਂਵਾਲੀ ਅਤੇ ਸਰਦੂਲਗੜ੍ਹ ਲਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਬੱਸਾਂ ਨੂੰ ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਅਤੇ ਨਰਿੰਦਰ ਗੋਇਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਮਲਕਾਣਾ, ਗਾਟਵਾਲੀ, ਗਿਆਨਾ, ਤਖਤਮੱਲ ਕਾਲਿਆਂਵਾਲੀ ਅਤੇ ਸਰਦੂਲਗੜ੍ਹ ਸਮੇਤ ਹੋਰ ਕਈ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਲੰਮੇ ਸਮੇਂ ਤੋਂ ਬੰਦ ਸੀ, ਜਿਸ ਕਾਰਨ ਲੋਕਾਂ ਦੇ ਕਾਰੋਬਾਰ ਬਹੁਤ ਨੁਕਸਾਨੇ ਗਏ ਸਨ ਅਤੇ ਇਹ ਬੱਸ ਸੇਵਾ ਸ਼ੁਰੂ ਕਰਨ ਲਈ ਵਾਰ ਵਾਰ ਮੰਗ ਮੰਗ ਕਰਦੇ ਰਹੇ ਸਨ। ਲੋਕਾਂ ਨੇ ਇਸ ਬਾਰੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਹ ਬੱਸ ਸੇਵਾਵਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਨੇ ਕਿਹਾ ਕਿ ਜਲਦੀ ਹੀ ਰਾਮਾਂ ਮੰਡੀ ਤੋਂ ਹੋਰ ਲੰਮੇ ਰੂਟਾਂ ਲਈ ਬੱਸ ਸੇਵਾਵਾਂ ਸ਼ੁਰੂ ਕਰਵਾਈਆਂ ਜਾਣਗੀਆਂ।