ਕੰਗਨਾ ਰਣੌਤ ਦੀ ਫਿਲਮ ਸਿੱਖ ਭਾਵਨਾਵਾਂ ਖ਼ਿਲਾਫ਼: ਸੰਧੂ
ਪੱਤਰ ਪ੍ਰੇਰਕ
ਜ਼ੀਰਾ, 18 ਜਨਵਰੀ
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਇਸ ਫਿਲਮ ’ਤੇ ਪਾਬੰਦੀ ਲਾਉਣੀ ਚਾਹੀਦੀ ਹੈ। ਕਿਸਾਨ ਆਗੂ ਨੇ ਦਲੀਲ ਦਿੱਤੀ ਕਿ ਐਮਰਜੈਂਸੀ ਫਿਲਮ ਵਿੱਚ ਸਿੱਖ ਇਤਿਹਾਸ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਫ਼ਿਲਮ ਵਿੱਚ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਹੋ ਰਿਹਾ ਹੈ। ਬੀਕੇਯੂ ਖੋਸਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਨਾ ਕੀਤਾ ਜਾਵੇ ਅਤੇ ਫਿਲਮ ’ਤੇ ਤੁਰੰਤ ਪਾਬੰਦੀ ਲਾਈ ਜਾਵੇ। ਉਨ੍ਹਾਂ ਪੰਜਾਬ ਦੇ ਸਿਨੇਮਾ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਫਿਲਮ ਨੂੰ ਆਪਣੇ ਸਿਨੇਮਾ ਘਰਾਂ ਵਿੱਚ ਨਾ ਲਾਉਣ।