ਨਿੱਜੀ ਪੱਤਰ ਪ੍ਰੇਰਕ
ਫਾਜਿਲਕਾ, 1 ਨਵੰਬਰ
ਪੰਜਾਬ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਅਤੇ ਫਾਜ਼ਿਲਕਾ ਤੇ ਜ਼ੀਰਾ ਦੀ ਅਨਾਜ ਮੰਡੀ ਵਿੱਚ ਦੌਰਾ ਕਰਨ ਉਪਰੰਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੜੀ ਵਾਰ ਸੂਬੇ ਦੇ ਸਮੂਹ ਖਰੀਦ ਕੇਂਦਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 20 ਜ਼ਿਲ੍ਹਿਆਂ ਦੀਆਂ ਮੰਡੀਆਂ ’ਚ ਖੁਦ ਜਾ ਕੇ ਜਾਇਜ਼ਾ ਲਿਆ ਹੈ ਅਤੇ ਹੁਣ ਜ਼ਿਲ੍ਹਾ ਫਾਜ਼ਿਲਕਾ ਵਿਖੇ ਪਹੁੰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਇਜ਼ਾ ਲੈਣ ਉਪਰੰਤ ਪਾਇਆ ਗਿਆ ਕਿ ਕਿਸਾਨ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ’ਚ ਝੋਨੇ ਦੀ ਖਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮੰਡੀਆਂ ’ਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ ਕੀਤੇ ਲੋੜੀਂਦੇ ਪ੍ਰਬੰਧਾਂ ਤੇ ਕਿਸਾਨਾਂ ਵੱਲੋਂ ਤਸੱਲੀ ਪ੍ਰਗਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਜੋ 191 ਲੱਖ ਮੀਟਰਕ ਟਨ ਦਾ ਟੀਚਾ ਦਿੱਤਾ ਸੀ, ਉਸ ਤੋਂ ਵੀ ਵੱਧ ਹੁਣ ਤੱਕ 120 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆ ਗਿਆ ਹੈ ਅਤੇ 116 ਲੱਖ ਮੀਟਰਕ ਟਨ ਝੋਨਾ ਕਿਸਾਨਾਂ ਤੋਂ ਖ਼ਰੀਦਿਆ ਜਾ ਚੁੱਕਾ ਹੈ।