Kewal Singh Dhillon: ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਪ੍ਰੋਗਰਾਮ ਨਹੀਂ: ਢਿੱਲੋਂ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਨੂੰ ਸਿਆਸੀ ਪ੍ਰੋਗਰਾਮ ਦੀ ਬਜਾਇ ‘ਲੋਕ ਮੁਹਿੰਮ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਤਰਾਵਾਂ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ...
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਨੂੰ ਸਿਆਸੀ ਪ੍ਰੋਗਰਾਮ ਦੀ ਬਜਾਇ ‘ਲੋਕ ਮੁਹਿੰਮ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਤਰਾਵਾਂ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ।
ਤਖ਼ਤ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪੁੱਜੇ ਸ੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਮਾਲੀ ਹਾਲਤ, ਗੈਂਗਸਟਰ ਅਤੇ ਭ੍ਰਿਸ਼ਟਾਚਾਰ ਸਣੇ ਕਈ ਗੰਭੀਰ ਮੁੱਦੇ ਹਨ, ਪਰ ਨਸ਼ਿਆਂ ਦੀ ਸਮੱਸਿਆ ਸਭ ਤੋਂ ਵੱਡੀ ਹੈ।
ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਚਾਰ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਕੱਢੀਆਂ ਜਾਣਗੀਆਂ। ਪਹਿਲੀ ਯਾਤਰਾ ਸੁਜਾਨਪੁਰ, ਦੂਜੀ ਫ਼ਤਹਿਗੜ੍ਹ ਸਾਹਿਬ, ਤੀਜੀ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਚੌਥੀ ਫਾਜ਼ਿਲਕਾ ਤੋਂ ਸ਼ੁਰੂ ਹੋਵੇਗੀ। ਚਾਰੇ ਯਾਤਰਾਵਾਂ ਦਾ ਜਲੰਧਰ ਵਿੱਚ ਸੰਗਮ ਹੋਵੇਗਾ। ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜਣਗੇ। ਸ੍ਰੀ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕ੍ਰਮਵਾਰ ਇਨ੍ਹਾਂ ਨੂੰ ਰਵਾਨਾ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਨਸ਼ਾ ਤਾਂ ਕੀ ਬੰਦ ਕਰਨਾ ਸੀ, ਸਗੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ।
ਇਸ ਮੌਕੇ ਭਾਜਪਾ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ, ਮੁੱਖ ਬੁਲਾਰੇ ਅਨਿਲ ਸਰੀਨ ਆਦਿ ਹਾਜ਼ਰ ਸਨ।

