ਜੋਗਿੰਦਰ ਸਿੰਘ ਮਾਨ
ਮਾਨਸਾ, 4 ਅਕਤੂਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅੱਜ ਜ਼ਿਲ੍ਹੇ ਦੇ ਪਿੰਡ ਖੀਵਾ ਖੁਰਦ ਦੀ ਗ੍ਰਾਮ ਪੰਚਾਇਤ ਦਾ ਸਨਮਾਨ ਕੀਤਾ। ਇਸ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਨੂੰ ਸਵੱਛ ਭਾਰਤ ਦਿਵਸ ਮੌਕੇ ਇਕ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ।
ਸਨਮਾਨ ਹਾਸਲ ਕਰਨ ਤੋਂ ਬਾਅਦ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਇਸ ਪੰਚਾਇਤ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ’ਤੇ ਸਨਮਾਨ ਕੀਤਾ। ਡੀਸੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਖੀਵਾ ਖੁਰਦ ਨੂੰ ‘ਮੇਰਾ ਪਿੰਡ, ਮੇਰੀ ਜ਼ਿੰਮੇਵਾਰੀ’ ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ ਸੁਥਰੇ ਪਿੰਡ ਵਜੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿਚ ਵੀ ਸਵੱਛ ਭਾਰਤ ਮੁਹਿੰਮ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵਧ ਚੜ੍ਹਕੇ ਕੰਮ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਇਸੇ ਤਰ੍ਹਾਂ ਸਾਫ ਸੁਥਰਾ ਬਣਾਉਣ ਲਈ ਯਤਨ ਕੀਤੇ ਜਾਣਗੇ।
ਜ਼ਿਲ੍ਹਾ ਬਰਨਾਲਾ ’ਚੋਂ ਪਿੰਡ ਭੋਤਨਾ ਮੋਹਰੀ
ਟੱਲੇਵਾਲ (ਲਖਵੀਰ ਸਿੰਘ ਚੀਮਾ): ਸਵੱਛਤਾ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿੱਚ ਕਰਵਾਇਆ ਗਿਆ, ਜਿਸ ਵਿੱਚ ‘ਮੇਰਾ ਪਿੰਡ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਪਿੰਡਾਂ ਵਿੱਚੋਂ ਭੋਤਨਾ ਪਿੰਡ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਦੇ ਐਕਸੀਅਨ ਰਵਿੰਦਰ ਕੁਮਾਰ ਬਾਂਸਲ ਨੇ ਦੱਸਿਆ ਕਿ ਸਵੱਛਤਾ ਗਤੀਵਿਧੀਆਂ ਤਹਿਤ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਪੰਜਾਬ ਜੈ ਕਿਸ਼ਨ ਰੋੜੀ ਅਤੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਪਿੰਡ ਭੋਤਨਾ ਦੇ ਸਰਪੰਚ ਤੇ ਹੋਰ ਪੰਚਾਇਤ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਤਹਿਤ ਪਿੰਡ ਭੋਤਨਾ ਨੂੰ ਇੱਕ ਲੱਖ ਰੁਪਏ ਦੀ ਵੱਖਰੀ ਗਰਾਂਟ ਵੀ ਮਿਲੇਗੀ।