ਪੱਤਰ ਪ੍ਰੇਰਕ
ਮਾਨਸਾ, 19 ਮਈ
ਇੱਥੇ ਵੱਖ-ਵੱਖ ਥਾਵਾਂ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ। ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਇਆ ਧਰਨਾ ਅੱਜ 231ਵੇਂ ਦਿਨ ਵੀ ਜਾਰੀ ਰਿਹਾ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੰਡਾਂ ਵਿੱਚੋਂ ਹਰ-ਰੋਜ਼ ਦਿੱਲੀ ਲਈ ਜਥੇ ਭੇਜਣ ਦਾ ਅਹਿਦ ਲਿਆ। ਇਸ ਮੌਕੇ ਕਿਸਾਨ ਆਗੂ ਮੱਖਣ ਸਿੰਘ ਮਾਨ, ਰਾਜ ਸਿੰਘ ਅਕਲੀਆ, ਹਰਬੰਸ ਸਿੰਘ, ਸੋਮਦੱਤ ਸ਼ਰਮਾ, ਜਸਵੰਤ ਸਿੰਘ ਜਵਾਹਰਕੇ ਨੇ ਸੰਬੋਧਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਲਗਾਏ ਮੋਰਚੇ ਅੱਜ 231ਵੇਂ ਦਿਨ ਵੀ ਜਾਰੀ ਰਹੇ। ਬੈਸਟ ਪ੍ਰਾਈਸ ਮੋਰਚੇ ਵਿੱਚ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਕਿਸਾਨ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾ ਰਹੇ ਹਨ ਅਤੇ ਤਿਆਰੀ ਜ਼ੋਰਸ਼ੋਰ ਨਾਲ ਜਾਰੀ ਹੈ। ਇਸ ਦਿਨ ਕਾਲੀਆਂ ਝੰਡੀਆਂ ਨਾਲ ਅਰਥੀ ਫੂਕ ਮੁਜ਼ਾਹਰੇ ਕੱਢੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਕੌਰ ਲਹਿਰਾ, ਗੁਰਮੀਤ ਕੌਰ ਚੱਕ ਅਤੇ ਚਰਨਜੀਤ ਕੌਰ ਭੁੱਚੋ ਖੁਰਦ ਸਮੇਤ ਬੀਬੀਆਂ ਨੇ ਮੋਰਚੇ ਵਿੱਚ ਚਾਰ ਸਿਲਾਈ ਮਸ਼ੀਨਾਂ ਲਿਆ ਕੇ ਕਾਲੀਆਂ ਝੰਡੀਆਂ ਤਿਆਰ ਕੀਤੀਆਂ।
ਬਰੇਟਾ (ਪੱਤਰ ਪ੍ਰੇਰਕ): ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਧਰਨੇ ਇੱਥੋਂ ਦੇ ਨਿੱਜੀ ਪੈਟਰੋਲ ਪੰਪ ’ਤੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅਤੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰ ਰੋਜ਼ ਲਗਾਏ ਜਾ ਰਹੇ ਹਨ। ਧਰਨਿਆਂ ਵਿੱਚ ਕਿਸਾਨ ਬੁਲਾਰਿਆਂ ਵੱਲੋਂ ਲਗਾਤਾਰ ਇਹ ਮੰਗ ਦੁਹਰਾਈ ਜਾ ਰਹੀ ਹੈ ਖੇਤੀ ਵਿਰੋਧੀ ਪਾਸ ਕੀਤੇ ਗਏ ਕਾਨੂੰਨ ਰੱਦ ਕੀਤੇ ਜਾਣ ਤੇ ਖੇਤੀ ਜਿਣਸਾਂ ਦੇ ਰੇਟਾਂ ਦੀ ਗਰੰਟੀ ਦਿੱਤੀ ਜਾਵੇ।
ਰਾਮਪੁਰਾ ਫੂਲ (ਨਿੱਜੀ ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਠਿੰਡਾ ਚੰਡੀਗੜ੍ਹ ਹਾਈਵੇਅ ’ਤੇ ਰਿਲਾਇੰਸ ਪੰਪ ’ਤੇ ਲਗਾਇਆ ਧਰਨਾ ਨਿਰਵਿਘਨ ਚੱਲ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਨੇ ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿੱਚ ਵਾਧਾ ਕਰਨ, ਡੀਏਪੀ ਖਾਦ ਵਿੱਚ ਬੇਲੋੜਾ ਵਾਧਾ ਕਰਨ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦੇ ਨਾਂ ਹੇਠ ਜਨਤਾ ’ਤੇ ਬੇਲੋੜੀਆਂ ਪਾਬੰਦੀਆਂ ਲਾ ਕੇ ਆਪਣੇ ਫਰਜ਼ਾਂ ਤੋਂ ਭੱਜ ਰਹੀ ਹੈ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਰਥੀ ਫੂਕ ਮੁਜ਼ਾਹਰਿਆਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਾਕ ਪ੍ਰਧਾਨ ਬਹੱਤਰ ਸਿੰਘ ਅਤੇ ਮੋਹਨ ਸਿੰਘ ਚੱਠੇਵਾਲਾ ਨੇ ਦੱਸਿਆ ਕਿ 26 ਮਈ ਨੂੰ ਕਿਸਾਨਾਂ ਦੇ ਦਿੱਲੀ ਵਿੱਚ ਲੱਗੇ ਮੋਰਚੇ ਨੂੰ ਪੂਰੇ ਛੇ ਮਹੀਨੇ ਹੋ ਜਾਣਗੇ।
ਧਨੇਰ ਖ਼ਿਲਾਫ਼ ਬੋਲਣ ਵਾਲੇ ਵਿਰੁੱਧ ਧਰਨਾ ਅੱਜ
ਬਰਨਾਲਾ (ਖੇਤਰੀ ਪ੍ਰਤੀਨਿਧ): ਤੀਹ ਕਿਸਾਨ ਜਥੇਬੰਦੀਆਂ ’ਤੇ ਅਧਾਰਿਤ ਸੰਯੁੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ’ਤੇ ਲੱਗੇ ਧਰਨੇ ਦੇ 231ਵੇਂ ਦਿਨ ਅੱਜ ਖਾਦ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ ਦਾ ਮੁੱਦਾ ਭਾਰੂ ਰਿਹਾ| ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਸਰਪੰਚ ਗੁੁਰਚਰਨ ਸਿੰਘ ਸੁੁਰਜੀਤਪੁੁਰਾ, ਨਰੈਣ ਦੱਤ, ਗੁੁਰਮੀਤ ਸੁੁਖਪੁੁਰ, ਅਮਰਜੀਤ ਕੌਰ, ਗੁੁਰਨਾਮ ਸਿੰਘ ਠੀਕਰੀਵਾਲਾ, ਚਰਨਜੀਤ ਕੌਰ, ਸਬਿੀਆ ਚੰਨਣਵਾਲ, ਕੇਵਲ ਸਿੰਘ ਸਾਹੌਰ, ਕਾਕਾ ਸਿੰਘ ਫਰਵਾਹੀ ਤੇ ਹਰਚਰਨ ਸਿੰਘ ਚੰਨਾ ਨੇ ਸੰਬੋਧਨ ਕੀਤਾ । ਇਸ ਮੌਕੇ 20 ਮਈ ਨੂੰ ਧਨੇਰ ਖਿਲਾਫ਼ ਘਟੀਆ ਸ਼ਬਦਾਵਲੀ ਵਰਤਣ ਵਾਲੇ ਬਰਨਾਲਾ ਦੇ ਇਸ ਸਥਾਨਕ ਆਗੂ ਦੇ ਘਰ ਮੂਹਰੇ ਧਰਨੇ ਦਾ ਮੋਰਚਾ ਆਗੂਆਂ ਐਲਾਨ ਕੀਤਾ | ਅੱਜ ਰਾਜਵਿੰਦਰ ਸਿੰਘ ਮੱਲੀ ਤੇ ਪਾਠਕ ਭਰਾਵਾਂ ਦੇ ਕਵੀਸ਼ਰੀ ਜਥਿਆਂ ਨੇ ਬੀਰਰਸੀ ਵਾਰਾਂ ਗਾ ਕੇ ਪੰਡਾਲ ‘ਚ ਜੋਸ਼ ਭਰਿਆ | ਪਿੰਡ ਛੀਨੀਵਾਲ ਦੀ ਸੰਗਤ ਨੇ ਲੰਗਰ ਦੀ ਸੇਵਾ ਨਿਭਾਈ |