ਦਵਿੰਦਰ ਪਾਲ/ ਪਰਮਜੀਤ ਸਿੰਘ
ਚੰਡੀਗੜ੍ਹ/ਫਾਜ਼ਿਲਕਾ, 18 ਜਨਵਰੀ
ਪੰਜਾਬ ਵਿਚ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਅੱਜ ‘ਮਹਿਲਾ ਕਿਸਾਨ ਦਿਵਸ’ ਮੌਕੇ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬੀਕੇਯੂ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਭਾਜਪਾ ਆਗੂਆਂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਦੇ ਘਰਾਂ ਅੱਗੇ ਵੱਡੇ ਰੋਸ ਮੁਜ਼ਾਹਰੇ ਕੀਤੇ।
ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਮੁਤਾਬਕ ਅੱਜ ਦੇ ਦਿਨ ਨੂੰ ਮਹਿਲਾ ਕਿਸਾਨ ਦਿਵਸ ਵਜੋਂ ਮਨਾਉਂਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਬੈਨਰ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਨੇ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਮੌਕੇ ਜੁੜੀਆਂ ਕਿਸਾਨ ਬੀਬੀਆਂ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਇਨ੍ਹਾਂ ਕਾਨੂੰਨਾਂ ਨੂੰ ਮਨਜ਼ੂਰ ਨਹੀਂ ਕਰਦੀਆਂ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਵਾ ਕੇ ਹੀ ਵਾਪਸ ਮੁੜਨਗੀਆਂ। ਉਨ੍ਹਾਂ ਕਿਹਾ ਕਿ ਔਰਤ ਮਰਦ ਦਾ ਸਾਥ ਹਮੇਸ਼ਾ ਜਨਤਕ ਘੋਲਾਂ ਦਾ ਇਤਿਹਾਸ ਰਿਹਾ ਹੈ।