ਪਰਮਜੀਤ ਸਿੰਘ
ਫਾਜ਼ਿਲਕਾ, 12 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਅਤੇ ਸਕੱਤਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਰੋਸ ਮਾਰਚ ਕੀਤਾ ਗਿਆ। ਸੰਘਰਸ਼ ਕਮੇਟੀ ਵੱਲੋਂ ਸਥਾਨਕ ਮਾਧਵ ਨਗਰੀ ’ਚ ਸਥਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਕੋਠੀ ਦਾ ਘਿਰਾਓ ਵੀ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਅਤੇ ਘਿਰਾਓ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟਾਇਆ।
ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਅਤੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਵਿੱਚ ਪਾਣੀ ਦੇ ਨਿੱਜੀਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ 23 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗੂ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਪ੍ਰਦਰਸ਼ਨ ਦੌਰਾਨ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹਮਾਇਤ ਕੀਤੀ ਗਈ।
ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਕਮੇਟੀ ਦੀਆਂ ਮੰਗਾਂ ਵੱਲ ਜਲਦੀ ਧਿਆਨ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰੈੱਸ ਸਕੱਤਰ ਨਰੇਸ਼ ਕੁਮਾਰ, ਮੀਤ ਪ੍ਰੈੱਸ ਸਕੱਤਰ ਅਵਿਨਾਸ਼ ਸਿੰਘ ਅਤੇ ਵੱਡੀ ਗਿਣਤੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।