ਪੱਤਰ ਪ੍ਰੇਰਕ
ਮਾਨਸਾ, 7 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਮਾਨਸਾ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਲੱਗੇ ਹੋਏ ਮੋਰਚਿਆਂ ਵਿੱਚ ਔਰਤਾਂ ਅਤੇ ਕਿਸਾਨਾਂ ਦੀ ਹੋਰ ਗਿਣਤੀ ਵਧਾਉਣ ਲਈ ਪਿੰਡਾਂ ਵਿੱਚ ਤਿਆਰੀ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਅੱਜ ਇਥੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਦੀ ਅਗਵਾਈ ਹੇਠ ਲਾਮਬੰਦੀ ਰੈਲੀ ਕੀਤੀ ਗਈ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਮੋਦੀ ਹਕੂਮਤ ਨੇ ਸਰਮਾਏਦਾਰਾਂ ਦੇ ਹਿੱਤ ਪਾਲਣ ਲਈ ਕਿਸਾਨਾਂ ਨੂੰ ਉਜਾੜਨ ਦਾ ਫੈਸਲਾ ਕਰ ਰੱਖਿਆ ਹੈ।
ਬਰਨਾਲਾ (ਖੇਤਰੀ ਪ੍ਰਤੀਨਿਧ): ਖੇਤੀ ਕਾਨੂੰਨਾਂ ਖਿਲਾਫ਼ ਸਥਾਨਕ ਰੇਲਵੇ ਸਟੇਸ਼ਨ ’ਤੇ 32 ਕਿਸਾਨ ਜਥੇਬੰਦੀਆਂ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਏ ਧਰਨੇ ਦੌਰਾਨ ਅੱਜ 311ਵੇਂ ਦਿਨ ਪੰਜਾਬ ਸਰਕਾਰ ਦੇ ਆਉਂਦੇ ਸੀਜ਼ਨ ’ਚ ਝੋਨੇ ਦੀ ਖਰੀਦ ਲਈ ਇਸ ਦੇ ਰਕਬੇ ਦੀ ਫਰਦ ਮੰਡੀ ਬੋਰਡ ਦੇ ਪੋਰਟਲ ’ਤੇ ਅਪਲੋਡ ਕਰਨ ਦੇ ਜਾਰੀ ਫਰਮਾਨ ਨੂੰ ਮੰਨਣ ਤੋਂ ਇਨਕਾਰ ਕੀਤਾ। ਇਸ ਮੌਕੇ ਹੁਕਮਾਂ ਦੀਆਂ ਕਾਪੀਆਂ ਪਾੜੀਆਂ ਗਈਆਂ। ਪੰਜਾਬ ਵਿੱਚ ਇੱਕ-ਤਿਹਾਈ ਤੋਂ ਵੀ ਵੱਧ ਜ਼ਮੀਨ ਉਪਰ ਖੇਤੀ ਠੇਕੇ ’ਤੇ ਲੈ ਕੇ ਕੀਤੀ ਜਾਂਦੀ ਹੈ। ਫਰਦ ਵਾਲੇ ਫਰਮਾਨ ਕਾਰਨ ਇਨ੍ਹਾਂ ਠੇਕੇ ਵਾਲੇ ਕਿਸਾਨਾਂ ਨੂੰ ਬਹੁਤ ਪ੍ਰੇਸ਼ਾਨੀ ਹੋਵੇਗੀ। ਉਧਰ ਰਿਲਾਇੰਸ ਮਾਲ ਬਰਨਾਲਾ ਮੂਹਰੇ ਲਾਇਆ ਹੋਇਆ ਧਰਨੇ ਅੱਜ 311ਵੇਂ ਦਿਨ ਵੀ ਜਾਰੀ ਰਿਹਾ।
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਟੋਲ ਪਲਾਜ਼ਾ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਖੇਤੀ ਕਾਨੂੰਨਾਂ ਖਿਲਾਫ ਨਾਅਰੇਬਾਜੀ ਕਰਦਿਆਂ ਕਿਸਾਨਾਂ ਨੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਲਕੀਤ ਸਿੰਘ ਮਹਿਲ ਕਲਾਂ, ਅਜਮੇਰ ਸਿੰਘ, ਗੁਰਮੇਲ ਠੁੱਲੀਵਾਲ, ਜਗਰਾਜ ਹਰਦਾਸਪੁਰਾ, ਸ਼ਮਸ਼ੇਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਬਰੇਟਾ (ਪੱਤਰ ਪ੍ਰੇਰਕ): ਕਿਸਾਨੀ ਸੰਘਰਸ਼ ਅਧੀਨ ਇਥੇ ਚੱਲ ਰਹੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਲੜੀਵਾਰ ਧਰਨੇ ਵਿੱਚ ਸਾਂਝਾ ਕਿਸਾਨ ਮੋਰਚਾ ਵੱਲੋਂ ਅਤੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨੇ ਜਾਰੀ ਹਨ ਇਹਨਾਂ ਧਰਨਿਆਂ ਵਿੱਚ ਔਰਤ ਸੰਘਰਸ਼ੀਆਂ ਦੀ ਸ਼ਮੂਲੀਅਤ ਵਧੀ ਹੈ।
ਅਜੀਤਵਾਲ (ਪੱਤਰ ਪ੍ਰੇਰਕ): ਪਿੰਡ ਢੁੱਡੀਕੇ ਤੋਂ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੱਲੋਂ 9 ਅਗਸਤ ਨੂੰ ਔਰਤਾਂ ਦੀ ਕਿਸਾਨ ਸੰਸਦ ਵਿੱਚ ਸ਼ਮੂਲੀਅਤ ਲਈ ਔਰਤਾਂ ਦਾ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦਿੱਲੀ ਵਿਚ ਲੱਗਿਆ ਮੋਰਚਾ ਦਿਨੋਂ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ।
ਸ਼ਹੀਦ ਕਿਰਨਜੀਤ ਦੀ ਬਰਸੀ ਸਾਰੇ ਧਰਨਿਆਂ ’ਤੇ ਮਨਾਉਣ ਦਾ ਅਹਿਦ
ਬੁਢਲਾਡਾ (ਪੱਤਰ ਪ੍ਰੇਰਕ): ਇੱਥੇ ਅੱਜ 310 ਦਿਨਾਂ ਤੋਂ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਉਤੇ ਕਿਸਾਨੀ ਮੋਰਚੇ ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਸਤਪਾਲ ਬਰ੍ਹੇ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੈਂਬਰ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੀ ਸਾਲਾਨਾ ਬਰਸੀ ਇਸ ਵਾਰ ਸੂਬੇ ਦੇ ਸਾਰੇ ਕਿਸਾਨ ਧਰਨਿਆਂ ’ਤੇ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ 12 ਅਗਸਤ ਨੂੰ ਇਨ੍ਹਾਂ ਕਿਸਾਨੀ ਮੋਰਚਿਆਂ ’ਤੇ ਕਿਰਨਜੀਤ ਕੌਰ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।