ਨਿੱਜੀ ਪੱਤਰ ਪ੍ਰੇਰਕ
ਮੌੜ ਮੰਡੀ, 1 ਸਤੰਬਰ
ਸਥਾਨਕ ਮੌੜ ਮੰਡੀ ਦੀ ਇੱਕ ਆੜ੍ਹਤੀਆ ਫਰਮ ਵੱਲੋਂ ਕਿਸਾਨਾਂ ਦੇ ਪੈਸੇ ਵਾਪਸ ਨਾ ਦੇਣ ਵਿਰੁੱਧ ਪੰਜਾਬ ਕਿਸਾਨ ਯੂਨੀਅਨ (ਰੁਲਦੂ ਗਰੁੱਪ) ਦੇ ਸੂਬਾ ਖ਼ਜ਼ਾਨਚੀ ਗੁਰਜੰਟ ਸਿੰਘ ਦੀ ਅਗਵਾਈ ’ਚ ਧਰਨਾ ਲਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਆਪਣੀ ਖੂਨ ਪਸੀਨੇ ਦੀ ਕਮਾਈ ਦੇ ਪੈਸੇ ਮੌੜ ਮੰਡੀ ਦੇ ਆੜ੍ਹਤੀਏ ਕੋਲ ਜਮ੍ਹਾ ਕਰਵਾਏ ਸੀ ਪਰ ਉਕਤ ਆੜ੍ਹਤੀਏ ਵੱਲੋਂ ਕਿਸਾਨਾਂ ਨੂੰ ਪੈਸੇ ਦੇਣ ਦੀ ਬਜਾਏ ਜਲੀਲ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਆੜ੍ਹਤੀਏ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਦੇ ਪੈਸੇ ਵਾਪਸ ਨਾ ਕੀਤੇ ਤਾਂ ਉਹ ਸੰਘਰਸ਼ ਨੂੰ ਵੱਡੇ ਪੱਧਰ ’ਤੇ ਲਿਜਾਣਗੇ। ਦੂਜੇ ਪਾਸੇ ਆੜ੍ਹਤੀਆ ਐਸੋਸੀਏਸ਼ਨ ਮੌੜ ਵੱਲੋਂ ਆੜ੍ਹਤੀਆ ਸੰਜੀਵ ਕੁਮਾਰ ਬੀਰਬਲ ਦੇ ਹੱਕ ’ਚ ਦੁਕਾਨਾਂ ਬੰਦ ਕਰ ਕੇ ਧਰਨਾ ਲਾਇਆ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਜੈਨ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਨੂੰ ਡਰਾਉਣਾ ਚਾਹੁੰਦੇ ਹਨ ਪਰ ਉਹ ਕਿਸੇ ਦੇ ਦਬਾਅ ਹੇਠ ਨਹੀਂ ਆਉਣਗੇ।
ਡੀਐੱਸਪੀ ਰਾਹੁਲ ਭਾਰਦਵਾਜ ਨੇ ਮੌਕੇ ’ਤੇ ਪੁੱਜ ਕੇ ਦੋਵਾਂ ਧਿਰਾਂ ਨੂੰ ਸ਼ਾਤ ਕਰਦੇ ਹੋਏ ਆਪਸੀ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ।