ਜੋਗਿੰਦਰ ਸਿੰਘ ਮਾਨ
ਮਾਨਸਾ, 13 ਸਤੰਬਰ
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ ਵਿੱਚ ਕਿਸਾਨ ਜਗਦੀਸ਼ ਰਾਏ ਦੀ ਜ਼ਮੀਨ ਦੀ ਨਿਲਾਮੀ ਉਸ ਵੇਲੇ ਰੁਕ ਗਈ ਜਦੋਂ ਉਸ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਝੰਡੇ ਚੁੱਕ ਲਏ। ਜਥੇਬੰਦੀ ਦੇ ਵਿਰੋਧ ਕਾਰਨ ਅਧਿਕਾਰੀ ਬਿਨਾਂ ਕਾਰਵਾਈ ਕੀਤੇ ਵਾਪਸ ਚਲੇ ਗਏ। ਇਸ ਮਗਰੋਂ ਜਥੇਬੰਦੀ ਨੇ ਜੇਤੂ ਰੈਲੀ ਕਰਕੇ ਕਿਸੇ ਕਿਸਾਨ ਦੀ ਜ਼ਮੀਨ ਤੇ ਮਜ਼ਦੂਰ ਦਾ ਘਰ ਨਿਲਾਮ ਨਾ ਹੋਣ ਦਾ ਹੋਕਾ ਦਿੱਤਾ।
ਜਥੇਬੰਦੀ ਦੇ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਇਹ ਨਿਲਾਮੀ ਜਗਦੀਸ਼ ਰਾਏ ਕੋਲੋਂ 7 ਲੱਖ 25 ਹਜ਼ਾਰ ਰੁਪਏ ਲੈਣ ਬਦਲੇ ਪੰਜਾਬ ਗ੍ਰਾਮੀਣ ਬੈਂਕ ਉੱਭਾ ਵੱਲੋਂ ਕਰਵਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਕਰੋਨਾ ਲਹਿਰ ਅਤੇ ਹੋਰ ਕੁਦਰਤੀ ਆਫਤਾਂ ਕਰਕੇ ਇਸ ਕਿਸਾਨ ਦੀ ਮਾਲੀ ਹਾਲਤ ਬਹੁਤ ਖ਼ਰਾਬ ਹੋ ਗਈ ਸੀ ਜਿਸ ਕਰਕੇ ਉਹ ਕਰਜ਼ਾ ਵਾਪਸ ਨਹੀਂ ਕਰ ਸਕਿਆ। ਪੀੜਤ ਕਿਸਾਨ ਨੇ ਜਦੋਂ ਇਸ ਮਾਮਲੇ ਨੂੰ ਜਥੇਬੰਦੀ ਦੇ ਧਿਆਨ ਵਿੱਚ ਲਿਆਂਦਾ ਤਾਂ ਜਥੇਬੰਦੀ ਨੇ ਨਿਲਾਮੀ ਵਾਲੀ ਥਾਂ ’ਤੇ ਜਾ ਕੇ ਇਸ ਵਿਰੋਧ ਕੀਤਾ ਜਿਸ ਕਾਰਨ ਅਧਿਕਾਰੀ ਬਿਨਾਂ ਕਿਸੇ ਕਾਰਵਾਈ ਤੋਂ ਵਾਪਸ ਚਲੇ ਗਏ। ਇਸ ਕਾਰਨ ਕਿਸਾਨ ਦੀ ਜ਼ਮੀਨ ਨਿਲਾਮ ਹੋਣ ਤੋਂ ਬਚ ਗਈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਨੇ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰਜ਼ਾ ਕੁਰਕੀ ਖ਼ਤਮ ਕਰਨ ਤੇ ਫਸਲ ਦੀ ਪੂਰੀ ਰਕਮ ਦੇਣ ਦੀ ਭਰੋਸੇ ਦੇ ਰਹੀ ਹੈ। ਇਸ ਦੇ ਉਲਟ ਨਿਲਾਮੀਆਂ ਕੁਰਕੀਆਂ ਦੇ ਨੋਟਿਸ ਕਿਸਾਨਾਂ ਦੇ ਘਰਾਂ ਵਿੱਚ ਭੇਜੇ ਜਾ ਰਹੇ ਹਨ। ਇਸ ਦਾ ਯੂਨੀਅਨ ਵਿਰੋਧ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਕਿਸਾਨ ਦੀ ਜ਼ਮੀਨ ਜਾਂ ਘਰ ਆਦਿ ਕੁਰਕ ਨਹੀਂ ਹੋਣ ਦਿੱਤਾ ਜਾਵੇਗਾ।
ਮੰਗਾਂ ਮਨਵਾਉਣ ਲਈ ਮਜ਼ਦੂਰਾਂ ਦਾ ਮੋਰਚਾ ਜਾਰੀ
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਧਾਰਾ 144 ਲਗਾ ਕੇ ਮਜ਼ਦੂਰਾਂ ਦੇ ਹੱਕੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਸੀ ਪਰ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਇਕੱਠ ਕਰਕੇ ਪੰਜਾਬ ਦੀ ਮਾਨ ਸਰਕਾਰ ਨੂੰ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਹੈ। ਜਥੇਬੰਦੀ ਦੇ ਆਗੂ ਪ੍ਰਦੀਪ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਅਤੇ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਧਾਰਾ 144 ਤੋੜ ਕੇ ਦੂਜੇ ਦਿਨ ਵੀ ਧਰਨਾ ਜਾਰੀ ਰੱਖ ਕੇ ਪੰਜਾਬ ਦੀ ਮਾਨ ਸਰਕਾਰ ਦਾ ਗਰੂਰ ਤੋੜਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨੁਕਸਾਨੇ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦੇਣਾ ਸਾਬਤ ਕਰਦਾ ਹੈ ਕਿ ਸੱਤਾਧਾਰੀ ਹਾਕਮ ਇਕ ਸਾਜ਼ਿਸ਼ ਤਹਿਤ ਮਜ਼ਦੂਰਾਂ ਨੂੰ ਹੱਕਾਂ ਤੋਂ ਵਾਂਝੇ ਰੱਖ ਰਹੇ ਹਨ। ਉਨ੍ਹਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਸੰਗਰੂਰ ਤੀਜੇ ਦਿਨ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ।