ਬਠਿੰਡਾ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਪਰਾਲ਼ੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਤਰਫ਼ੋਂ ਕੀਤੀ ਗਈ ਜਾ ਰਹੀ ਕਾਰਵਾਈ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਨਾਲ 6 ਅਕਤੂਬਰ ਨੂੰ ਹੋਈ ਮੁੱਖ ਮੰਤਰੀ ਦੀ ਮੀਟਿੰਗ ’ਚ ਸਰਕਾਰ ਵੱਲੋਂ ਪਰਾਲ਼ੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਿਸੇ ਕਿਸਮ ਦੀ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਕਹਿਣੀ’ ਤੇ ‘ਕਰਨੀ’ ਵਿੱਚ ਅੰਤਰ ਦਾ ਪਤਾ ਇਸ ਗੱਲ ਤੋਂ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਗੱਲ ਮੰਨੀ ਸੀ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਫ਼ਰਦ ਵਿੱਚ ਰੈੱਡ ਐਂਟਰੀ ਜਾਂ ਕਿਸੇ ਕਿਸਾਨ ਉੱਪਰ ਪਰਾਲੀ ਸਾੜਨ ਦਾ ਪਰਚਾ ਦਰਜ ਨਹੀਂ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਦਿਆਂ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਮੁਕੱਦਮੇ ਅਤੇ ਜ਼ਮੀਨ ਦੀ ਜਮ੍ਹਾਬੰਦੀ ਵਿੱਚ ਰੈੱਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਪਰਾਲੀ ਨੂੰ ਅੱਗ ਲਾਉਣ ਦੀ ਨਿਗਰਾਨੀ ਲਈ ਨਿਯੁਕਤ ਖੇਤੀ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਬੀਤੇ ਦਿਨੀਂ ਸਰਕਾਰ ਵੱਲੋਂ ਮੁਅੱਤਲ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਵਿੱਚ ਇਕ ਅਧਿਕਾਰੀ ਉਹ ਸੀ, ਜਿਸ ਨੂੰ ਕੁੱਝ ਦਿਨ ਪਹਿਲਾਂ ਸਰਕਾਰ ਵੱਲੋਂ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਮੁਅੱਤਲ ਕਰਕੇ ‘ਆਪ’ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿਉਂਕਿ ਨਾ ਤਾਂ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ’ਚ ਮੁਆਵਜ਼ਾ ਦਿੱਤਾ ਗਿਆ ਹੈ ਅਤੇ ਨਾ ਹੀ ਗ੍ਰੀਨ ਟਿ੍ਬਿਊਨਲ ਵੱਲੋਂ ਸਰਕਾਰਾਂ ਨੂੰ ਦਿੱਤੇ ਹੁਕਮਾਂ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਕੋਈ ਮੁਆਵਜ਼ਾ ਦਿੱਤਾ ਗਿਆ ਹੈ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਝੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ। ਸ੍ਰੀ ਡੱਲੇਵਾਲ ਨੇ ਖੁਲਾਸਾ ਕੀਤਾ ਕਿ ਮੰਗੀਆਂ ਹੋਈਆਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਯੂਨੀਅਨ ਵੱਲੋਂ 16 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਅੱਗੇ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਹੈ। ਇਸੇ ਦਿਨ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਟਹਿਣਾ ਟੀ ਪੁਆਇੰਟ ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ ਅਤੇ ਮਾਨਸਾ ਵਿੱਚ ਸੜਕਾਂ ’ਤੇ ਆਵਾਜਾਈ ਠੱਪ ਕੀਤੀ ਜਾਵੇਗੀ।