ਪੱਤਰ ਪ੍ਰੇਰਕ
ਮਾਨਸਾ, 8 ਮਾਰਚ
ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਬੋਲਚਾਲ ਅਤੇ ਵਿਅਕਤੀਤਵ ਨੂੰ ਵਿਕਸਤ ਕਰਨ ਲਈ 11ਵੀਂ ਅਤੇ 12ਵੀਂ ਜਮਾਤਾਂ ਦੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸਰਕਾਰੀ ਸੈਕੰਡਰੀ ਮਾਡਲ ਸਕੂਲ ਕੁਲਰੀਆਂ ਦੇ ਵਿਦਿਆਰਥੀ ਮੋਹਰੀ ਰਹੇ। ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੋ-ਐਜੂਕੇਸ਼ਨ) ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਸੰਜੀਵ ਕੁਮਾਰ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਆਦਿ ਦੀ ਅਗਵਾਈ ਹੇਠ ਕਰਵਾਏ ਗਏ। ਮੁਕਾਬਲਿਆਂ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਤੀ ਅਤੇ ਸਰਕਾਰੀ ਸੈਕੰਡਰੀ ਸਕੂਲ ਜਟਾਣਾ ਕਲਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਹਰਪ੍ਰੀਤ ਕੌਰ ਰੰਧਾਵਾ ਨੇ ਕੀਤੀ। ਵਿਭਾਗ ਵੱਲੋਂ ਜੇਤੂ, ਟੀਮਾਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਦੇ ਨਾਲ-ਨਾਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਨਗਦ ਇਨਾਮ ਵੀ ਦਿੱਤਾ ਗਿਆ।