ਪੱਤਰ ਪ੍ਰੇਰਕ
ਮਾਨਸਾ, 23 ਅਗਸਤ
ਪਿੰਡ ਕੁਲਰੀਆਂ ਵਿੱਚ ਆਬਾਦਕਾਰ ਕਿਸਾਨਾਂ ਦੀ ਜ਼ਮੀਨ ਉੱਤੇ ਪੰਜਾਬ ਸਰਕਾਰ ਵੱਲੋਂ ਕਬਜ਼ਾ ਕਰਨ ਖ਼ਿਲਾਫ਼ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਬੀਕੇਯੂ (ਏਕਤਾ) ਡਕੌਂਦਾ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇੇ ਪਿੰਡ ਫਫੜੇ ਭਾਈਕੇ ਵਿੱਚ ਗੁਰਦੁਆਰਾ ਭਾਈ ਬਹਿਲੋ ਵਿੱਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਆਗਾਜ਼ ਲੌਂਗੋਵਾਲ ਵਿੱਚ ਪੁਲੀਸ ਪ੍ਰਸ਼ਾਸਨ ਦੇ ਲਾਠੀਚਾਰਜ ਦੌਰਾਨ ਸ਼ਹੀਦ ਪ੍ਰੀਤਮ ਸਿੰਘ ਨੂੰ ਇੱਕ ਮਿੰਟ ਦਾ ਮੌਨ ਧਾਰ ਕੇ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਵਾਲੀ ਪਿੰਡ ਦੇ ਸਰਪੰਚ ਦੀ ਧਿਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੱਢਣ ਅਤੇ ਗ਼ੈਰ-ਕਾਨੂੰਨੀ ਕਬਜ਼ੇ ਖਿਲਾਫ਼ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ, ਬਲਕਿ ਉਲਟਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਸਕੱਤਰ ਹਰਨੇਕ ਸਿੰਘ ਮਹਿਮਾ ਸਣੇ 30 ਕਿਸਾਨਾਂ ’ਤੇ ਕੇਸ ਦਰਜ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ ਅਤੇ ਨਾਲ ਹੀ ਕੋਰਟ ਕੇਸ ਰੱਦ ਕਰਵਾਉਣ ਲਈ ਅਤੇ ਜ਼ਮੀਨ ’ਤੇ ਕਿਸਾਨਾਂ ਦਾ ਕਬਜ਼ਾ ਬਹਾਲ ਕਰਾਉਣ ਲਈ 28 ਅਗਸਤ ਨੂੰ ਐੱਸਐੱਸਪੀ ਮਾਨਸਾ ਦੇ ਦਫ਼ਤਰ ਅੱਗੇ ਵਿਸ਼ਾਲ ਸੂਬਾਈ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਅੰਗਰੇਜ ਸਿੰਘ ਮੁਹਾਲੀ, ਮੱਖਣ ਸਿੰਘ ਭੈਣੀਬਾਘਾ, ਬਲਵਿੰਦਰ ਸ਼ਰਮਾ, ਗੁਰਜੰਟ ਸਿੰਘ ਮਘਾਣੀਆਂ, ਦੇਵੀ ਰਾਮ, ਸੱਤਪਾਲ ਸਿੰਘ ਵਰ੍ਹੇ, ਮਹਿੰਦਰ ਸਿੰਘ ਬੁਰਜਰਾਠੀ ਨੇ ਵੀ ਸੰਬੋਧਨ ਕੀਤਾ।