ਕੁਲਤਾਰ ਸੰਧਵਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਇਥੇ ਪਿਛਲੇ ਕਰੀਬ ਇੱਕ ਮਹੀਨੇ ਤੋਂ ਆ ਰਹੀ ਬਰਸਾਤੀ ਪਾਣੀ ਦੇ ਨਿਕਾਸੀ ਤੇ ਈ ਹੋਰ ਸਮੱਸਿਆਵਾਂ ਦੇ ਪੱਕੇ ਹੱਲ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਸੰਧਵਾਂ ਨੇ ਕਿਹਾ ਕਿ ਸ਼ਹਿਰ ਵਿੱਚ ਬਾਰਿਸ਼ ਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ, ਇਸ ਲਈ ਇਥੋਂ ਦੇ ਡਰੇਨ ਅਤੇ ਸੀਵਰੇਜ ਸਿਸਟਮ ਦੀ ਨਿਯਮਤ ਸਫਾਈ ਕੀਤੀ ਜਾਵੇ। ਇਸ ਦੌਰਾਨ ਕੋਟਕਪੂਰਾ ਦੇ ਬੱਸ ਸਟੈਂਡ ਦੀ ਹਾਲਤ, ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ, ਕੂੜੇ ਦੇ ਡੰਪਾਂ ਲਈ ਥਾਂ, ਸੀਵਰੇਜ ਲਾਈਨਾਂ ਦੀ ਮੁਰੰਮਤ ਅਤੇ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰ ਨਾਲ ਚਰਚਾ ਹੋਈ ਅਤੇ ਲੋੜੀਂਦੀਆਂ ਹਦਾਇਤਾਂ ਕੀਤੀਆਂ। ਸ਼ਹਿਰ ਦੀਆਂ ਸਮੱਸਿਆਵਾਂ ਲਈ ਉਨ੍ਹਾਂ ਸਾਰੇ ਵਿਭਾਗਾਂ ਨੂੰ ਤਾਲਮੇਲ ਬਣਾਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਦੀ ਲਾਪਰਵਾਹੀ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਨੂੰ ਮਾਡਲ ਸ਼ਹਿਰ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ (ਸਪੀਕਰ ਸੰਧਵਾਂ) ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਹੀ ਕੰਮ ਕਰਨਗੇ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਐਸਡੀਐਮ ਕੋਟਕਪੂਰਾ ਸੂਰਜ ਕੁਮਾਰ, ਐਸਡੀਐੱਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡੀਆਰਓ ਲਵਪ੍ਰੀਤ ਕੌਰ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਨਗਰ ਕੌਂਸਲ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।