ਕੁਲਤਾਰ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 30 ਮਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪਣੇ ਨਿਵਾਸ ’ਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
ਸ੍ਰੀ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਵੀ ਕੋਸ਼ਿਸ਼ ਰਹੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਨਿੱਜੀ ਕੰਮਾਂ ਲਈ ਸਰਕਾਰੀ ਦਫ਼ਤਰਾਂ ’ਚ ਪ੍ਰੇਸ਼ਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਤਹਿਤ ਉਹ ਲਗਾਤਾਰ ਲੋਕ ਮਿਲਣੀ ਪ੍ਰੋਗਰਾਮ ਕਰਦੇ ਰਹਿੰਦੇ ਹਨ ਤਾਂ ਕਿ ਹਰੇਕ ਵਿਅਕਤੀ ਬਿਨਾਂ ਕਿਸੇ ਦਿੱਕਤ ਤੋਂ ਉਨ੍ਹਾਂ ਕੋਲ ਪਹੁੰਚ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਆਪਣੇ ਕੰਮ ਸਬੰਧੀ ਕੋਈ ਮੁਸ਼ਕਲ ਆ ਰਹੀ ਹੋਵੇ ਜਾਂ ਕਿਸੇ ਸਰਕਾਰੀ ਦਫਤਰ ਵਿੱਚ ਕੋਈ ਅਧਿਕਾਰੀ ਪ੍ਰੇਸ਼ਾਨ ਕਰ ਰਿਹਾ ਹੋਵੇ ਤਾਂ ਉਨ੍ਹਾਂ ਨੂੰ ਜਾਣਕਾਰੀ ਦੇਣ। ਆਪਣੀਆਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨੂੰ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਸਰਕਾਰ ਦੀ ਮੁਹਿੰਮ ਵਿੱਚ ਆਪਣਾ ਬਣਦਾ ਸਹਿਯੋਗ ਦੇਣ ਅਤੇ ਨਸ਼ਿਆਂ ਵਿਰੁੱਧ ਲੜਾਈ ਦਾ ਹਿੱਸਾ ਬਣਦਿਆਂ ਨਸ਼ਾ ਤਸਕਰਾਂ ਜਾਣਕਾਰੀ ਸਰਕਾਰੀ ਮੋਬਾਈਲ ਨੰਬਰ ਜਾਂ ਉਚ ਪੁਲੀਸ ਅਧਿਕਾਰੀਆਂ ਨੂੰ ਖੁਫੀਆਂ ਤੌਰ ’ਤੇ ਦੇਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਿਸੇ ਵੀ ਤਸਕਰ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਬਾਬਾ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ।