ਲਖਵੀਰ ਸਿੰਘ ਚੀਮਾ
ਟੱਲੇਵਾਲ, 18 ਫਰਵਰੀ
ਜ਼ਿਲ੍ਹੇ ਦੇ ਪਿੰਡ ਭੋਤਨਾ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕਾਨਫਰੰਸ ਕੀਤੀ ਗਈ। ਕਾਨਫਰੰਸ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਸਬੋਧਨ ਕਰਦਿਆਂ ਸੂਬਾਈ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਮਜ਼ਦੂਰਾਂ ਅਤੇ ਇਨ੍ਹਾਂ ਦੀ ਮਾਰ ਹੇਠ ਆਉਣ ਵਾਲੇ ਸਭਨਾਂ ਤਬਕਿਆਂ ਨੂੰ ਇੱਕਜੁਟ ਹੋਣ ਦੀ ਲੋੜ ਹੈ।
ਉਨ੍ਹਾਂ ਅਪੀਲ ਕੀਤੀ ਕਿ ਮੋਦੀ ਹਕੂਮਤ ਵੱਲੋਂ ਖੇਤੀ ਸਬੰਧੀ ਬਣਾਏ ਖੇਤੀ ਕਾਨੂੰਨ ਵਿਰੁੱਧ ਚੱਲਦੇ ਸੰਘਰਸ਼ ਵਿੱਚ ਖੇਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਉਣ, ਕਿਸਾਨ ਸੰਘਰਸ਼ ਨੂੰ ਅੱਗੇ ਵਧਾਉਣ ਲਈ ਧਰਮ ਨਿਰਪੱਖਤਾ ਦੀ ਨੀਤੀ ਨੂੰ ਬੁਲੰਦ ਕਰਨ, ਮੋਦੀ ਹਕੂਮਤ ਦੇ ਜਾਬਰ ਕਦਮਾਂ ਤੇ ਫਿਰਕੂ ਚਾਲਾਂ ਨੂੰ ਮਾਤ ਦੇਣ ਅਤੇ ਜੇਲ੍ਹੀਂ ਡੱਕੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਸਮੇਤ ਕਾਲੇ ਕਾਨੂੰਨਾਂ ਦੇ ਮਜ਼ਦੂਰਾਂ ਕਿਸਾਨਾਂ ‘ਤੇ ਪੈਣ ਵਾਲੇ ਮਾਰੂ ਅਸਰਾਂ ਦਾ ਸੱਚ ਪੇਸ਼ ਕਰਨ ਲਈ ਬਰਨਾਲਾ ਵਿੱਚ ਹੋ ਰਹੀ ਮਜ਼ਦੂਰ-ਕਿਸਾਨ ਏਕਤਾ ਮਹਾਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਮਜ਼ਦੂਰ ਆਗੂ ਸੁਖਦੇਵ ਸਿੰਘ ਭੋਤਨਾ, ਨਿੱਕਾ ਸਿੰਘ ਸੰਧੂ ਕਲਾਂ, ਅਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਨਾਮ ਸਿੰਘ ਭੋਤਨਾ ਨੇ ਸੰਬੋਧਨ ਕੀਤਾ।