ਪੱਤਰ ਪ੍ਰੇਰਕ
ਮਾਨਸਾ, 20 ਮਾਰਚ
ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਅਤੇ ਮੋਫ਼ਰ ਵਿੱਚ ਮਗਨਰੇਗਾ ਸਕੀਮ ਅਧੀਨ ਜ਼ਿਲ੍ਹਾ ਮਾਨਸਾ ਦੇ ਆਪਣੀ ਕਿਸਮ ਦੇ ਪਹਿਲੇ ਪੱਕੀਆਂ ਨਹਿਰੀ ਖਾਲਾਂ ਦੀ ਉਸਾਰੀ ਦੇ ਪਾਇਲਟ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਸਮੇਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ ਅਤੇ ਏਡੀਸੀ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਵੀ ਉਨ੍ਹਾਂ ਦੇ ਨਾਲ ਸਨ। ਇਨ੍ਹਾਂ ਪੱਕੇ ਖਾਲਿਆਂ ਦੇ ਬਣਨ ਨਾਲ ਇਨ੍ਹਾਂ ਦੋਵਾਂ ਪਿੰਡਾਂ ਦੀ ਕਰੀਬ 255 ਏਕੜ ਜ਼ਮੀਨ ਅਤੇ ਵੱਡੀ ਗਿਣਤੀ ਕਿਸਾਨਾਂ ਨੂੰ ਲਾਭ ਮਿਲੇਗਾ। ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਮੋਫ਼ਰ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਨਹਿਰੀ ਖਾਲੇ ਪੱਕੇ ਬਣਨ ਨਾਲ, ਜਿਥੇ ਖੇਤੀ ਕਰਨੀ ਸੁਖਾਲੀ ਹੋਵੇਗੀ, ਉਥੇ ਹੀ ਪਾਣੀ ਨੂੰ ਅਜਾਈਂ ਨਸ਼ਟ ਹੋਣ ਤੋਂ ਵੀ ਰੋਕਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪੱਕੇ ਖਾਲਿਆਂ ਰਾਹੀਂ ਪਾਣੀ ਦੀ ਪਹੁੰਚ ਯਕੀਨੀ ਬਣਨ ਨਾਲ ਸਪੱਸ਼ਟ ਤੌਰ ’ਤੇ ਖੇਤੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ।