ਲੈਂਡ ਪੂਲਿੰਗ ਨੀਤੀ: ਵਿਧਾਇਕ ਢਿੱਲੋਂ ਦੀ ਅਗਵਾਈ ’ਚ ਪੀੜਤ ਕਿਸਾਨ ਰਾਜਪਾਲ ਨੂੰ ਮਿਲੇ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 12 ਜੁਲਾਈ
ਪੰਜਾਬ ਵਿੱਚ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਕਿਸਾਨਾਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲਿਆ। ਉਨ੍ਹਾਂ ਰਾਜਪਾਲ ਨੂੰ ਇੱਕ ਮੰਗ ਪੱਤਰ ਦਿੰਦਿਆਂ ਇਸ ਪਾਲਿਸੀ ਨੂੰ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਲਿਆਂਦੀ ਗਈ ਇਹ ਲੈਂਡ ਪੂਲਿੰਗ ਪਾਲਿਸੀ ਕਿਸਾਨ ਅਤੇ ਲੋਕ ਵਿਰੋਧੀ ਹੈ। ਇਸ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਪ੍ਰਾਪਰਟੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਣਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਤਹਿਤ ਪ੍ਰਭਾਵਿਤ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਉਪਰ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਸਰਕਾਰ ਦੀ ਇਸ ਨੀਤੀ ਦੇ ਡੱਟ ਕੇ ਵਿਰੋਧ ਵਿੱਚ ਪੀੜਤ ਲੋਕਾਂ ਨਾਲ ਖੜ੍ਹੀ ਹੈ। ਕਿਸੇ ਵੀ ਹਾਲਤ ਵਿੱਚ ਸਰਕਾਰ ਨੂੰ ਲੋਕਾਂ ਦੀਆਂ ਜ਼ਮੀਨਾਂ ਉਪਰ ਧੱਕੇ ਨਾਲ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਿਧਾਨ ਸਭਾ ਵਿੱਚ ਵੀ ਇਸ ਪਾਲਿਸੀ ਸਬੰਧੀ ਚਰਚਾ ਕਰਨ ਤੋਂ ਭੱਜ ਰਹੀ ਹੈ ਪਰ ਆਉਣ ਵਾਲੇ ਦੋ ਦਿਨਾਂ ਵਿੱਚ ਕਾਂਗਰਸ ਪਾਰਟੀ ਵਿਧਾਨ ਸਭਾ ਵਿੱਚ ਇਸ ਅਹਿਮ ਮੁੱਦੇ ਉਪਰ ਸਰਕਾਰ ਨੂੰ ਸਵਾਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਪੀੜਤ ਕਿਸਾਨਾਂ ਦੀ ਆਵਾਜ਼ ਉਹਨਾਂ ਤੱਕ ਪਹੁੰਚਾਈ ਹੈ ਅਤੇ ਇਸ ਪਾਲਿਸੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਰਾਜਪਾਲ ਨੇ ਕਿਸਾਨਾਂ ਦੀ ਗੱਲ ਧਿਆਨ ਨਾਲ ਸੁਣਦਿਆਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।