ਲੈਂਡ ਪੂਲਿੰਗ ਨੀਤੀ: ਕਿਸਾਨਾਂ ਨੇ ਪਾਇਆ ਸੰਘਰਸ਼ੀ ਗੇਅਰ
ਲੈਂਡ ਪੂਲਿੰਗ ਨੀਤੀ ਖਿਲਾਫ਼ ਅੱਜ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੌਰਾਨ ਕਿਸਾਨਾਂ ਨੇ ਟਰੈਕਟਰ ਮਾਰਚ ਕੀਤੇ। ਇਸ ਦੌਰਾਨ ਔਰਤਾਂ, ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨੇ ਆਪਣੀਆਂ ਜੱਦੀ-ਪੁਸ਼ਤੀ ਜ਼ਮੀਨਾਂ ਬਚਾਉਣ ਲਈ ਇਕਜੁੱਟ ਹੋ ਕੇ ਭਾਗ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਕੇਂਦਰ ਦੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਸਨ ਉਸੇ ਤਰਜ਼ ’ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਅਪੀਲ ਕੀਤੀ। ਇਹ ਮਾਰਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੀਤੇ। ਕਈ ਥਾਵਾਂ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਮਾਰਚ ਵਿੱਚ ਸ਼ਮੂਲੀਅਤ ਕੀਤੀ। ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਵਿੱਚ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਕੀਤੀ ਜਾ ਰਹੀ 212 ਏਕੜ ਜ਼ਮੀਨ ਦੇ ਵਿਰੋਧ ’ਚ ਪਿੰਡ ਦੀ ਦਾਣਾ ਮੰਡੀ ਤੋਂ ਇਹ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ’ਲੈਂਡ ਪੂਲਿੰਗ ਨੀਤੀ’ ਵਿਕਾਸ ਦੇ ਨਾਂ ’ਤੇ ਕਿਸਾਨਾਂ ਦੀ ਤਬਾਹੀ ਦਾ ਰਾਹ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਵੱਲੋਂ ਅੱਜ ਇਸ ਟਰੈਕਟਰ ਮਾਰਚ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਵੱਲੋਂ ਇਸ ਨੀਤੀ ਖਿਲਾਫ਼ ਵਿਧਾਨ ਸਭਾ ਵੱਲ ਰੁੱਖ ਕਰਨਾ ਪਿਆ ਤਾਂ ਉਹ ਬਤੌਰ ਕਿਸਾਨ ਮੂਹਰੇ ਹੋਕੇ ਅੰਦੋਲਨ ਵਿੱਚ ਸ਼ਮੂਲੀਅਤ ਕਰਨਗੇ।
ਜ਼ੀਰਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਹਲਕਾ ਜ਼ੀਰਾ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਟਰੈਕਟਰ ਕੱਢਿਆ ਗਿਆ। ਇਹ ਮਾਰਚ ਮਾਲਬਰੋਜ਼ ਸ਼ਰਾਬ ਫੈਕਟਰੀ ਵਿੱਚ ਲੱਗੇ ਸਾਂਝੇ ਮੋਰਚੇ ਤੋਂ ਸ਼ੁਰੂ ਹੋ ਕੇ ਪਿੰਡ ਮਨਸੂਰਵਾਲ ਕਲਾਂ, ਸਨ੍ਹੇਰ, ਮਨਸੂਰਦੇਵਾ, ਲੌਂਗੋਵਾਲ ਤੇ ਝਤਰਾ ਆਦਿ ਪਿੰੰਡਾਂ ਤੋਂ ਹੁੰਦਾ ਹੋਇਆ ਜ਼ੀਰਾ ਸ਼ਹਿਰ ਵਿੱਚ ਸਮਾਪਤ ਹੋਇਆ।
ਬਠਿੰਡਾ (ਮਨੋਜ ਸ਼ਰਮਾ): ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਦੀ ਲਈ ਅੱਜ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਟਰੈਕਟਰ ਮਾਰਚ ਪਿੰਡ ਜੋਧਪੁਰ ਰੁਮਾਣਾ ਤੋਂ ਸ਼ੁਰੂ ਹੋ ਕੇ ਨਰੂਆਣਾ, ਪੱਤੀ ਝੁੱਟੀਕਾ ਰਾਹੀਂ ਹੋਦਿਆਂ ਬਠਿੰਡਾ ਵਿੱਚ ਡੀ.ਸੀ. ਦਫ਼ਤਰ ਤੱਕ ਪਹੁੰਚਿਆ ਜਿੱਥੇ ਕਿਸਾਨਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਜੋਧਪੁਰ ਰੁਮਾਣਾ ਵਿੱਚ ਵੱਡਾ ਇਕੱਠ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਸੂਬਾ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵੱਲੋਂ ਮਹਿਲ ਕਲਾਂ ਵਿਖੇ ਟਰੈਕਟਰ ਮਾਰਚ ਕੀਤਾ ਗਿਆ। ਇਸਤੋਂ ਬਾਅਦ ਬਲਾਕ ਦੇ ਕਿਸਾਨਾਂ ਦਾ ਕਾਫ਼ਲਾ ਬਰਨਾਲਾ ਵਿੱਚ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।
ਸਾਦਿਕ (ਪ੍ਰਸ਼ੋਤਮ ਕੁਮਾਰ): ਕਿਰਤੀ ਕਿਸਾਨ ਯੂਨੀਅਨ ਨੇ ਅੱਜ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਾਉਣ ਲਈ ਸਾਦਿਕ ਕਸਬੇ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੀਤਾ। ਟਰੈਕਟਰ ਮਾਰਚ ਵਿੱਚ ਸੈਂਕੜੇ ਟਰੈਕਟਰ ਅਤੇ ਕਿਸਾਨ ਸ਼ਾਮਲ ਹੋਏ। ਕਿਸਾਨਾਂ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਰਾਜਿੰਦਰ ਕਿੰਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਮੋਦੀ ਦੇ ਤਿੰਨ ਖੇਤੀ ਕਾਨੂੰਨਾਂ ਦੀ ਵਾਂਗ ਹੈ ਪਰ ਮੋਦੀ ਦੇ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀ ਜ਼ਮੀਨ ਸਹਿਜੇ ਸਹਿਜੇ ਖੋਣਾ ਚਾਹੁੰਦੇ ਸਨ ਅਤੇ ਲੈਂਡ ਪੂਲਿੰਗ ਨੀਤੀ ਕਿਸਾਨਾਂ ਨੂੰ ਬੇਜ਼ਮੀਨੇ ਕਰਨ ਦੀ ਤਜ਼ਵੀਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭੂਮੀ ਅਧਿਗ੍ਰਿਹਣ ਕਾਨੂੰਨ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਲੈਂਡ ਪੂਲਿੰਗ ਪਾਲਸੀ ਤਹਿਤ ਕਿਸਾਨਾਂ ਦੀ ਜਮੀਨਾਂ ਮੁਫਤ ਵਿੱਚ ਲੈਣ ਦਾ ਫੈਸਲਾ ਕੀਤਾ ਹੈ ਤੇ ਉੱਪਰੋਂ ਇਸ ਨੀਤੀ ਨੂੰ ਕਿਸਾਨ ਪੱਖੀ ਕਿਹਾ ਜਾ ਰਿਹਾ ਹੈ।
ਫ਼ਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਕਿਸਾਨ ਜਥੇਬੰਦੀਆਂ ਨੇ ਮਿਲ ਕੇ ਦਾਣਾ ਮੰਡੀ ਤੋਂ ਲੈ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫਤਰ ਤੱਕ ਟਰੈਕਟਰ ਮਾਰਚ ਕੀਤਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ। ਕਿਸਾਨ ਆਗੂ ਜਾਗੀਰ ਸਿੰਘ ਖਹਿਰਾ, ਅਵਤਾਰ ਸਿੰਘ ਮਹਿਮਾ, ਗੁਰਪ੍ਰੀਤ ਸਿੰਘ ਫਰੀਦੇ ਵਾਲਾ ਨੇ ਲੈਂਡ ਪੋਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਪਿੰਡ ਉਜਾੜ ਕੇ ਸ਼ਹਿਰ ਵਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫਿਰੋਜ਼ਪੁਰ ਦੇ ਤਿੰਨ ਪਿੰਡ ਮੋਹਕਮ ਖਾਂ ਵਾਲਾ, ਸਤੀਏ ਵਾਲਾ, ਡੂਮਨੀ ਵਾਲਾ ਦੀ 311 ਏਕੜ ਜਮੀਨ ਐਕੁਆਇਰ ਕਰਨ ਦੀ ਵੀ ਤਿਆਰੀ ਵਿੱਚ ਹੈ। ਇਸ ਦੌਰਾਨ ਮੱਲਾਂਵਾਲਾ ਵਿਚ ਕਿਸਾਨ ਜਥੇਬੰਦੀਆਂ ਵੱਲੋਂਲੈਂਡ ਪੋਲਿੰਗ ਨੀਤੀ ਦੇ ਖਿਲਾਫ ਟਰੈਕਟਰ ਮਾਰਚ ਕੀਤਾ ਗਿਆ ਅਤੇ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਗਈ।
‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਬਾਈਕਾਟ ਦਾ ਐਲਾਨ
ਮੋਗਾ/ਬਾਘਾ ਪੁਰਾਣਾ (ਮਹਿੰਦਰ ਸਿੰਘ ਰੱਤੀਆਂ/ਯਸ਼ ਚਟਾਨੀ): ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਨੇ ਅੱਜ ਟਰੈਕਟਰ ਮਾਰਚ ਕੀਤਾ। ਇਸ ਮਾਰਚ ਵਿਚ ਕਿਸਾਨ ਮੋਟਰਸਾਈਕਲ ਤੇ ਗੱਡੀਆਂ ਲੈ ਕੇ ਵੀ ਸ਼ਾਮਲ ਹੋਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਤੇ ਹੋਰਨਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਇਸ ਲੈਂਡ ਪੂਲਿੰਗ ਪਾਲਸੀ ਨੂੰ ਵਾਪਸ ਲਵੇ ਨਹੀਂ ਤਾਂ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿਉਹ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਇੰਚ ਜ਼ਮੀਨ ਹੜੱਪਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮੰਤਰੀ ਤੇ ਵਿਧਾਇਕ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ਜੋ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਲਿਆਂਦੇ ਗਏ ਸਨ ਜੋ ਕਿਸਾਨ ਅੰਦੋਲਨ ਚੱਲਣ ਕਾਰਨ ਮੋਦੀ ਸਰਕਾਰ ਨੂੰ ਵਾਪਸ ਲੈਣੇ ਪਏ ਸਨ। ਬਿਲਕੁਲ ਉਸੇ ਨੀਤੀ ਤਹਿਤ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਕੱਠਪੁਤਲੀ ਬਣ ਕੇ ਲੈਂਡ ਪੂਲਿੰਗ ਨੀਤੀ ਪਾਸ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਨੀਤੀ ਕਿਸਾਨਾਂ ਨੂੰ ਬਰਬਾਦ ਕਰਨ ਵਾਲੀ ਹੈ। ਇਸੇ ਤਰ੍ਹਾਂ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਬਾਘਾਪੁਰਾਣਾ ਸ਼ਹਿਰ ਤੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ। ਇਸ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਕੀਤੀ। ਰੋਸ ਮਾਰਚ ਬਾਘਾ ਪੁਰਾਣਾ ਸ਼ਹਿਰ ਤੋਂ ਇਲਾਵਾ ਰੋਡੇ, ਵੈਰੋਕੇ, ਲਧਾਈ ਕੇ, ਕੋਟਲਾ ਅਤੇ ਮਾਹਲਾ ਖੁਰਦ ਆਦਿ ਵਿੱਚੋਂ ਲੰਘਿਆ।