ਲੈਂਡ ਪੂਲਿੰਗ ਨੀਤੀ: ਪਿੰਡਾਂ ’ਚ ਸਿਖ਼ਰ ’ਤੇ ਪੁੱਜਿਆ ਲੋਕ ਰੋਹ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ 30 ਜੁਲਾਈ ਨੂੰ ਪੰਜਾਬ ਭਰ ’ਚ ਕੀਤੇ ਜਾਣ ਵਾਲੇ ‘ਟਰੈਕਟਰ ਮਾਰਚ’ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਨੀਤੀ ਦਾ ਵਿਰੋਧ ਪਿੰਡਾਂ ’ਚ ਸਿਖ਼ਰ ’ਤੇ ਪੁੱਜ ਗਿਆ ਹੈ। ਵੱਖ-ਵੱਖ ਕਿਸਾਨ ਸੰਗਠਨਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਪਾਲਿਸੀ’ ਦੇ ਵਿਰੋਧ ਵਿੱਚ ਇਹ ਐਕਸ਼ਨ ਪ੍ਰੋਗਰਾਮ 18 ਜੁਲਾਈ ਨੂੰ ਜਥੇਬੰਦੀਆਂ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਉਲੀਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਾਲਿਸੀ ਖੇਤੀ ਪ੍ਰਧਾਨ ਸੂਬੇ ਪੰਜਾਬ ਲਈ ਬੇਹੱਦ ਘਾਤਕ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਲਈ ਪਿੰਡਾਂ ’ਚ ਪਿਛਲੇ ਦਿਨਾਂ ਤੋਂ ਚੱਲ ਰਿਹਾ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਅੱਜ ਖਤਮ ਹੋ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਵੱਲੋਂ ਇਸ ਐਕਸ਼ਨ ਪ੍ਰੋਗਰਾਮ ਲਈ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦਾ ਪ੍ਰਮਾਣ 30 ਜੁਲਾਈ ਨੂੰ ਵਿਆਪਕ ਰੂਪ ’ਚ ਸੜਕਾਂ ’ਤੇ ਦੇਖਣ ਨੂੰ ਮਿਲੇਗਾ। ਉੱਧਰ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ 30 ਜੁਲਾਈ ਨੂੰ ਸੱਦੀ ਗਈ ਕੈਬਨਿਟ ਮੀਟਿੰਗ ਵਿੱਚ ‘ਲੈਂਡ ਪੂਲਿੰਗ ਪਾਲਿਸੀ’ ਬਾਰੇ ਸਰਕਾਰ ਮੁੜ ਤੋਂ ਸਮੀਖ਼ਿਆ ਕਰ ਸਕਦੀ ਹੈ। ਸਰੋਤਾਂ ਨੇ ਸੰਕੇਤ ਦਿੱਤਾ ਹੈ ਕਿ ਇਸ ਨੀਤੀ ਵਿਰੁੱਧ ਵੱਡੇ ਪੱਧਰ ’ਤੇ ਉੱਠੇ ਵਿਰੋਧ ਦੇ ਮੱਦੇਨਜ਼ਰ ਨੀਤੀ ਬਾਰੇ ‘ਯੂ-ਟਰਨ’ ਵੀ ਲੈ ਸਕਦੀ ਹੈ। ਜੇ ਅਜਿਹਾ ਨਹੀਂ ਵੀ ਹੁੰਦਾ, ਤਾਂ ਪਾਲਿਸੀ ਨੂੰ ਨਰਮ ਕਰਨ ਲਈ ਫੇਰ ਬਦਲ ਕੀਤੇ ਜਾਣ ਦੀ ਸੰਭਾਵਨਾ ਹੈ। ਚੱਲ ਰਹੀ ਚਰਚਾ ਦੌਰਾਨ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਧਿਰਾਂ ਆਪਣੇ ਐਕਸ਼ਨ ਪ੍ਰੋਗਰਾਮ ਵਿੱਚ ਤਬਦੀਲੀ ਦੇ ਰੌਂਅ ਵਿੱਚ ਨਹੀਂ, ਉਹ ਦਿੱਤੇ ਪ੍ਰੋਗਰਾਮ ਨੂੰ ਅਮਲੀ ਰੂਪ ਦੇਣ ਲਈ ਪੂਰੀ ਤਿਆਰੀ ਵਿੱਚ ਹਨ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਕਿਸਾਨੀ ਨੂੰ ਬਚਾਉਣ ਲਈ ਇਸ ਨੀਤੀ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਅੱਜ ਇੱਥੇ ਜੱਥੇਬੰਦੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਿਸੇ ਪੱਖੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨਾਲੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਤਹਿਤ ਪੰਜਾਬ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਲੈ ਕੇ ਸਰਮਾਏਦਾਰਾਂ ਦੇ ਪ੍ਰਾਜੈਕਟਾਂ ਵਾਸਤੇ ਲਈ ਰਾਹ ਪੱਧਰਾ ਕਰ ਰਹੀ ਹੈ। ‘ਆਪ’ ਸਰਕਾਰ ਦੇ ਆਗੂ ਹਰ ਰੋਜ਼ ਕਿਸਾਨਾਂ ਨੂੰ ਨਵੇਂ ਨਵੇਂ ਲਾਲਚ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀਆਂ ਜਮੀਨਾਂ ਨੂੰ ਬਚਾਉਣ ਲਈ ਜੋ ਵੀ ਸੱਦਾ ਦੇਵੇਗਾ, ਉਸ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਯਤਨ ਭਾਜਪਾ ਨੇ ਸ਼ੁਰੂ ਕੀਤਾ ਸੀ ਤੇ ਹੁਣ ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਪਣਾ ਲਿਆ ਹੈ।
ਨਥਾਣਾ (ਪੱਤਰ ਪ੍ਰੇਰਕ): ਲੈਡ ਪੂਲਿੰਗ ਨੀਤੀ ਖਿਲਾਫ਼ ਲੁਧਿਆਣਾ ਜ਼ਿਲ੍ਹੇ ਦੇ ਜੋਧਾਂ ’ਚ ਕੀਤੀ ਜਾਣ ਵਾਲੀ ਰੈਲੀ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋ ਇਥੇ ਲਾਮਬੰਦੀ ਮੀਟਿੰਗ ਕੀਤੀ ਗਈ। ਕਿਸਾਨ ਸੰਗਠਨ ਦੇ ਸੂਬਾਈ ਆਗੂ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ ਅਤੇ ਗੁਰਮੇਲ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸਾਨ ਆਪਣੀਆਂ ਵਾਹੀਯੋਗ ਜ਼ਮੀਨਾਂ ਨੂੰ ਐਕੁਆਇਰ ਹੋਣ ਤੋਂ ਬਚਾਉਣ ਲਈ 7 ਅਗਸਤ ਨੂੰ ਜੋਧਾਂ ਵਿੱਜ ਵੱਡੀ ਗਿਣਤੀ ’ਚ ਪੁੱਜਣਗੇ। ਕਿਸਾਨ ਆਗੂਆਂ ਕਿਹਾ ਕਿ ਪਿੰਡਾਂ ਦੇ ਕਿਸਾਨਾਂ ਨੂੰ ਇਸ ਸੰਘਰਸ਼ ਪ੍ਰਤੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਝੰਡਾ ਮਾਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਪਿੰਡ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਚਲਾਇਆ ਜਾਵੇਗਾ।
ਬਠਿੰਡਾ ਧਰਨੇ ਦੀ ਤਿਆਰੀ ਲਈ ਪਿੰਡਾਂ ’ਚ ਮੀਟਿੰਗਾਂ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 4 ਅਗਸਤ ਨੂੰ ਬਠਿੰਡਾ ’ਚ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ, ਕੋਠਾ ਗੁਰੂ, ਗੁੰਮਟੀ ਕਲਾਂ ਤੇ ਮਲੂਕਾ ਵਿਖੇ ਵਰਕਰ ਮੀਟਿੰਗਾਂ ਕੀਤੀਆਂ ਗਈਆਂ। ਸ੍ਰੀ ਮਲੂਕਾ ਨੇ ਪੰਜਾਬ ਸਰਕਾਰ ਦੀ ਇਸ ਨੀਤੀ ਨੂੰ ਕਿਸਾਨ ਵਿਰੋਧੀ ਦੱਸਦਿਆਂ ਸਮਾਜ ਦੇ ਸਾਰੇ ਵਰਗਾਂ ਨੂੰ ਹਰ ਪੱਧਰ ‘ਤੇ ਦਾ ਨੀਤੀ ਦਾ ਤਿੱਖਾ ਵਿਰੋਧ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਨੀਤੀ ਲਈ ਜ਼ਮੀਨੀ ਪੱਧਰ ‘ਤੇ ਕੋਈ ਸਰਵੇ ਨਹੀਂ ਕੀਤਾ, ਜਦਕਿ ਚਾਹੀਦਾ ਤਾਂ ਇਹ ਸੀ ਕਿ ਜ਼ਮੀਨ ਲੈਣ ਤੋਂ ਪਹਿਲਾਂ ਸੂਬੇ ’ਚ ਨਵੇਂ ਘਰਾਂ ਦੀ ਲੋੜ, ਜ਼ਮੀਨ ਲੈਣ ਤੋਂ ਬਾਅਦ ਉਸ ਦੇ ਅਸਰ ਤੇ ਸਮਾਜਿਕ ਸਰੋਕਾਰਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮੰਥਨ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕਿਸਾਨ ਵਿਰੋਧੀ ਨੀਤੀ ਨੂੰ ਲਾਗੂ ਨਹੀਂ ਹੋਣ ਦੇਵੇਗਾ। ਉਨ੍ਹਾਂ ਅਕਾਲੀ ਵਰਕਰਾਂ ਨੂੰ 4 ਅਗਸਤ ਦੇ ਬਠਿੰਡਾ ਧਰਨੇ ਵਿੱਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਡਾ. ਜਸਪਾਲ ਸਿੰਘ ਦਿਆਲਪੁਰਾ, ਮਨਜੀਤ ਸਿੰਘ ਧੁੰਨਾ, ਗਗਨਦੀਪ ਗਰੇਵਾਲ, ਰਾਕੇਸ਼ ਗੋਇਲ, ਜਗਮੋਹਨ ਲਾਲ ਭਗਤਾ, ਸੁਖਜਿੰਦਰ ਖਾਨਦਾਨ, ਗੋਗੀ ਬਰਾੜ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਗੁਰਪਾਲ ਸਿੰਘ ਭੱਟੀ ਆਦਿ ਹਾਜ਼ਰ ਸਨ।