ਪੱਤਰ ਪ੍ਰੇਰਕ
ਮਾਨਸਾ, 1 ਨਵੰਬਰ
ਇੱਥੋਂ ਨੇੜਲੇ ਪਿੰਡ ਧਲੇਵਾਂ ਦੇ ਬੇਜ਼ਮੀਨੇ ਭਾਈਚਾਰੇ ਦੇ ਲੋਕਾਂ ਵੱਲੋਂ ਪੰਜ-ਪੰਜ ਮਰਲੇ ਦੇ ਪਲਾਟ ਲੈਣ ਦੀ ਮੰਗ ਲਈ ਪੰਜਾਬ ਸਰਕਾਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ। ਧਰਨਾਕਾਰੀਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਸਰਪੰਚ ਹਰਦੇਵ ਸਿੰਘ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਧਲੇਵਾਂ ਕੋਲ 125 ਏਕੜ ਜ਼ਮੀਨ ਹੈ, ਜਿਸ ਵਿੱਚੋਂ ਵਾਟਰ ਵਰਕਸ, ਦਾਣਾ ਮੰਡੀ, ਸਟੇਡੀਅਮ, ਬਿਜਲੀ ਘਰ, ਸਰਕਾਰੀ ਡਿਸਪੈਂਸਰੀ ਆਦਿ ਲਈ 25 ਏਕੜ ਜ਼ਮੀਨ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਪੰਚਾਇਤ ਕੋਲ 100 ਏਕੜ ਜ਼ਮੀਨ ਬਚਦੀ ਹੈ, ਜਿਸ ਵਿੱਚੋਂ 5-5 ਮਰਲੇ ਦੇ ਪਲਾਟ ਕੱਟੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਹੱਕਦਾਰ ਪਰਿਵਾਰਾਂ ਵੱਲੋਂ ਆਪਣੀਆਂ ਲੋੜੀਂਦੀਆਂ ਅਰਜ਼ੀਆਂ ਵੀ ਗ੍ਰਾਮ ਪੰਚਾਇਤ ਨੂੰ ਦਿੱਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਇਹ ਹੱਕੀ ਪਲਾਟ ਦੇਣ ਲਈ ਕੋਈ ਕਾਰਵਾਈ ਨਹੀਂ ਸ਼ੁਰੂ ਕੀਤੀ ਗਈ। ਉਨ੍ਹਾਂ ਨੂੰ ਇਹ ਵੀ ਖਦਸ਼ਾ ਹੈ ਕਿ ਜੇਕਰ ਸਮੇਂ ਸਿਰ ਇਹ ਅਲਾਟਮੈਂਟ ਨਾ ਹੋਈ ਤਾਂ ਐਨੇ ਸਮੇਂ ਦੌਰਾਨ ਚੋਣ ਜ਼ਾਬਤਾ ਲੱਗ ਜਾਵੇਗਾ ਅਤੇ ਉਹ ਲੰਬੇ ਅਰਸੇ ਤੋਂ ਪਹਿਲਾਂ ਹੀ ਆਰਥਿਕ ਤੰਗੀਆਂ ਤੁਰਸ਼ੀਆਂ ਨਾਲ ਜੂਝਦੇ ਹੋਏ ਬਿਨਾਂ ਘਰਾਂ ਤੋਂ ਗੁਜ਼ਾਰਾ ਕਰ ਰਹੇ ਹਨ। ਇਸ ਮੌਕੇ ਗੁਰਜੀਤ ਕੌਰ ਪੰਚ, ਬਲਵਿੰਦਰ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਮੂਰਤੀ ਕੌਰ, ਪ੍ਰਸ਼ੋਤਮ ਸਿੰਘ ਤੇ ਚਮਕੌਰ ਸਿੰਘ ਨੇ ਵੀ ਸੰਬੋਧਨ ਕੀਤਾ।