ਹਰਿਆਣਾ ’ਚ ਕਾਨੂੰਨ ਵਿਵਸਥਾ ਦੀ ਹਾਲਤ ਮਾੜੀ: ਅਜੈ ਚੌਟਾਲਾ
ਜਨਨਾਇਕ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਨੇ ਕਿਹਾ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਹੀ ਮਾੜੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਧ ਰਹੇ ਅਪਰਾਧ ਸਾਬਤ ਕਰਦੇ ਹਨ ਕਿ ਮੌਜੂਦਾ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਕੋਈ ਪਕੜ ਨਹੀਂ ਹੈ। ਅਪਰਾਧ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਾਰੋਬਾਰੀ, ਔਰਤਾਂ, ਬੇਰੁਜ਼ਗਾਰ ਵਰਗ ਸਰਕਾਰ ਦੀਆਂ ਨੀਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ। ਉਹ ਅੱਜ ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਦਾ ਕੰਮ 90 ਫੀਸਦੀ ਪੂਰਾ ਕਰ ਲਿਆ ਗਿਆ ਹੈ। ਪਾਰਟੀ ਵਿੱਚ ਟੀਚੇ ਤੋਂ ਵੱਧ ਨਵੇਂ ਮੈਂਬਰ ਸ਼ਾਮਲ ਹੋਏ ਹਨ। ਅਜੇ ਸਿੰਘ ਚੌਟਾਲਾ ਨੇ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ, ਸੰਗਠਨ ਦਾ ਖੇਤਰੀ ਪੱਧਰ ’ਤੇ ਵੀ ਵਿਸਥਾਰ ਕੀਤਾ ਜਾਵੇਗਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ’ਤੇ, ਅਜੈ ਸਿੰਘ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਪਰਿਵਾਰਕ ਸਬੰਧ ਹਨ। ਚੌਧਰੀ ਦੇਵੀ ਲਾਲ ਨੇ ਉਨ੍ਹਾਂ ਨੂੰ ਪਹਿਲੀ ਵਾਰ ਚੋਣ ਲੜਨ ਲਈ ਕਿਹਾ ਸੀ। ਡਾ. ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੇ ਸਿਹਤ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਅਸਤੀਫੇ ਦੇ ਪਿੱਛੇ ਕਈ ਕਾਰਨਾਂ ਬਾਰੇ ਕਿਆਸ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਜਸਟਿਸ ਵਰਮਾ ਮਾਮਲਾ ਹੈ ਜਿਸ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਰਾਜ ਸਭਾ ਵਿੱਚ ਉਠਾਇਆ ਸੀ।