ਪੱਤਰ ਪ੍ਰੇਰਕ
ਟੱਲੇਵਾਲ, 13 ਅਕਤੂਬਰ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.ਹਰਬੰਸ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਿੱਖ ਵਿਦਵਾਨ ਭਾਈ ਦਰਸ਼ਨ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਵਿਸ਼ੇਸ਼ ਤੌਰ ’ਤੇ ਜਿਥੇ ਉਨ੍ਹਾਂ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਸਾਂਝੀਵਾਲਤਾ ਦੇ ਸੰਦੇਸ਼ ਤੇ ਧਾਰਮਿਕ ਸਹਿਣਸ਼ੀਲਤਾ ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਗ੍ਰਹਿਣ ਕਰੇਗਾ ਉੱਥੇ ਭਵਿੱਖ ਵਿਚ ਗੁਰੂ ਸਾਹਿਬ ਜੀ ਦੀਆਂ ਇਨ੍ਹਾਂ ਸਿਖਿਆਵਾਂ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਜਾਣੂੰ ਕਰਾਵੇਗਾ। ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿਤਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਬਰ, ਸੰਤੋਖ ਤੇ ਕੁਰਬਾਨੀ ਭਰੇ ਜੀਵਨ ਅਤੇ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈ ਕੇ ਆਪਣਾ ਦੁਨਿਆਵੀ ਅਤੇ ਅਧਿਆਤਮਕ ਜੀਵਨ ਸਫਲ ਕਰਨ। ਇਸ ਮੌਕੇ ਸੰਸਥਾ ਦੀਆਂ ਧਾਰਮਿਕ ਗਤੀਵਿਧੀਆਂ ਦੇ ਇੰਚਾਰਜ ਬੀਬੀ ਹਰਜੋਤ ਕੌਰ ਨੇ ਵਿਦਵਾਨ ਭਾਈ ਦਰਸ਼ਨ ਸਿੰਘ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ।