ਨਿੱਜੀ ਪੱਤਰ ਪ੍ਰੇਰਕ
ਜਲਾਲਾਬਾਦ, 5 ਫਰਵਰੀ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵਲੋਂ ਅੱਜ ਹੋਰ ਜਥੇਬੰਦੀਆਂ ਨਾਲ ਮਿਲ ਕੇ ਐੱਸਡੀਐੱਮ ਜਲਾਲਾਬਾਦ ਦੇਵਦਰਸ਼ਦੀਪ ਸਿੰਘ ਨੂੰ ਸਕੂਲ ਖੋਲ੍ਹੇ ਜਾਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਐਸੋਸੀਏਸ਼ਨ ਦੀ ਮੰਗ ਹੈ ਕਿ ਜਲਦ ਸਕੂਲ ਖੋਲ੍ਹ ਕੇ ਮਾਪਿਆਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।
ਝੁਨੀਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਰੋਨਾ ਕਾਰਨ ਬੰਦ ਪਏ ਸਕੂਲਾਂ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈਕੇ ਸਬ-ਤਹਿਸੀਲ ਝੁਨੀਰ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਤਹਿਸੀਲਦਾਰ ਬਲਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਕਰੋਨਾ ਦੀ ਆੜ ਵਿੱਚ ਰਣਨੀਤੀ ਤਹਿਤ ਸਕੂਲਾਂ ਨੂੰ ਬੰਦ ਕਰ ਰਹੀ ਹੈ । ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਲਦੀ ਸਕੂਲ ਨਾ ਖੋਲ੍ਹੇ ਗਏ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਬਠਿੰਡਾ (ਪੱਤਰ ਪ੍ਰੇਰਕ): ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਾਗੂ ਨਿਯਮਾਂਵਲੀ ਅਧੀਨ ਸਕੂਲ ਅਤੇ ਹੋਰ ਸਿੱਖਿਆ ਅਦਾਰਿਆਂ ਨੂੰ ਲਗਾਤਾਰ ਬੰਦ ਰੱਖੇ ਜਾਣ ਦਾ ਅਕਾਲੀ ਦਲ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ । ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜੇ ਚੋਣ ਪ੍ਰਚਾਰ ਲਈ 500ਦੋ 1000 ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਤਾਂ ਫਿਰ ਸਕੂਲ ਕਿਉਂ ਨਹੀਂ ਖੋਲ੍ਹੇ ਜਾ ਸਕਦੇ।